ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਸਾਬਕਾ ਵਿਧਾਇਕ ਅਤੇ ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਸਬੂਤਾਂ ਵਾਲੀ ਪੈਨ ਡਰਾਈਵ ਲੈ ਕੇ ਜਗਜੀਵਨ ਰਾਮ ਚੌਂਕ ਪਹੁੰਚ ਗਏ ਹਨ ਪਰ ਕਹਿਣ ਦੇ ਬਾਵਜੂਦ ਸਬੂਤ ਪੇਸ਼ ਨਹੀਂ ਕਰ ਸਕੇ। ਸ਼ੀਤਲ ਅੰਗੁਰਾਲ ਸਟੇਜ ‘ਤੇ ਕੁਰਸੀ ਡਾਹ ਕੇ ਬੈਠੇ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਹੀ ਇੱਕ ਕੁਰਸੀ ਖਾਲੀ ਦਿਖਾਈ ਦੇ ਰਹੀ ਹੈ ,ਜਿਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਦਾ ਪੋਸਟਰ ਲੱਗਿਆ ਹੋਇਆ ਹੈ। ਸ਼ੀਤਲ ਅੰਗੁਰਾਲ ਨੇ ਐਲਾਨ ਕੀਤਾ ਹੈ ਕਿ ਉਹ ਜਗਜੀਵਨ ਰਾਮ ਚੌਕ ਵਿੱਚ ਮੁੱਖ ਮੰਤਰੀ ਦਾ ਇੰਤਜ਼ਾਰ ਕਰਨਗੇ। ਉਨ੍ਹਾਂ ਸੀਐਮ ਭਗਵੰਤ ਮਾਨ ਨੂੰ ਚੌਕ ਵਿੱਚ ਆ ਕੇ ਉਨ੍ਹਾਂ ਤੋਂ ਸਬੂਤ ਲੈਣ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਆਪਣੀ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਅੱਜ ਉਹ ਆਮ ਆਦਮੀ ਪਾਰਟੀ ਦੇ ਆਗੂਆਂ ਦੀਆਂ ਕਾਲੀਆਂ ਕਰਤੂਤਾਂ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਨਗੇ। ਉਹ ਵੀਰਵਾਰ ਬਾਅਦ ਦੁਪਹਿਰ ਬਾਬੂ ਜਗਜੀਵਨ ਰਾਮ ਚੌਕ ਵਿਖੇ ਹਾਜ਼ਰ ਰਹਿਣਗੇ। ਉਨ੍ਹਾਂ ਕੋਲ ਸਾਰੇ ਸਬੂਤ ਅਤੇ ਆਡੀਓ ਵੀ ਹੋਣਗੇ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ‘ਤੇ ਲਗਾਏ ਜਾ ਰਹੇ ਆਰੋਪਾਂ ਨੂੰ ਲੈ ਕੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ‘ਤੇ ਪਲਟਵਾਰ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੀਤਲ ਅੰਗੁਰਾਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਬਹਿਸ ਦੀ ਇਹ ਧਮਕੀ ਕਿਸੇ ਹੋਰ ਨੂੰ ਦਿਓ, ਜਦੋਂ ਮਰਜ਼ੀ ਸਾਡੇ ਨਾਲ ਬਹਿਸ ਕਰ ਸਕਦੇ ਹਨ। ਸੀਐਮ ਨੇ ਕਿਹਾ ਸੀ 5 ਤਰੀਕ ਦਾ ਇੰਤਜ਼ਾਰ ਕਿਉਂ ਕਰ ਰਹੇ ਹੋ, ਅੱਜ ਹੀ ਬਹਿਸ ਕਰ ਲਵੋ। ਸ਼ੀਤਲ ਨੂੰ ਭ੍ਰਿਸ਼ਟ ਗਤੀਵਿਧੀਆਂ ਨੂੰ ਬੰਦ ਕਰਨ ਲਈ ਬਹੁਤ ਸਮਝਾਇਆ ਗਿਆ ਪਰ ਉਹ ਨਹੀਂ ਮੰਨੇ। ‘ਆਪ’ ‘ਚ ਰਹਿੰਦਿਆਂ ਉਨ੍ਹਾਂ ਨੂੰ ਗੈਰ-ਕਾਨੂੰਨੀ ਕੰਮ ਕਰਨ ‘ਚ ਦਿੱਕਤ ਹੁੰਦੀ ਸੀ। ਇਸ ਲਈ ਉਹ ਭਾਜਪਾ ‘ਚ ਸ਼ਾਮਲ ਹੋਏ ਹਨ। ਹਾਲਾਂਕਿ, ਅਸੀਂ ਉਨ੍ਹਾਂ ਨੂੰ ਉੱਥੇ ਵੀ ਭ੍ਰਿਸ਼ਟਾਚਾਰ ਨਹੀਂ ਕਰਨ ਦੇਵਾਂਗੇ।