ਪੰਜਾਬ ਦੇ ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਦੇ ਬਾਹਰ ਸੜਕ ਵਿਚਕਾਰ ਨਿਹੰਗਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ‘ਤੇ ਤਲਵਾਰਾਂ ਨਾਲ ਜਾਨਲੇਵਾ ਹਮਲਾ ਕੀਤਾ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਵਿੱਚੋਂ ਦੋ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਇੱਕ ਐਕਟਿਵਾ ਵੀ ਬਰਾਮਦ ਹੋਇਆ ਹੈ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਸ਼ੁੱਕਰਵਾਰ ਸ਼ਾਮ ਨੂੰ ਦੱਸਿਆ ਕਿ ਦੋ ਹਮਲਾਵਰਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਬਾਬਾ ਬੁੱਢਾ ਦਲ ਨਾਲ ਸਬੰਧਤ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਘਟਨਾ ਸਮੇਂ ਸੰਦੀਪ ਥਾਪਰ ਦੇ ਨਾਲ ਮੌਜੂਦ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਨੂੰ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਸੰਦੀਪ ਥਾਪਰ (58) ‘ਤੇ ਉਸ ਸਮੇਂ ਹਮਲਾ ਹੋਇਆ ਜਦੋਂ ਉਹ ਸਮਾਵੇਦਨਾ ਟਰੱਸਟ ਦੇ ਸੰਸਥਾਪਕ-ਚੇਅਰਮੈਨ ਰਵਿੰਦਰ ਅਰੋੜਾ ਦੀ ਚੌਥੀ ਬਰਸੀ ਮੌਕੇ ਕਰਵਾਏ ਗਏ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਸਿਵਲ ਹਸਪਤਾਲ ਨੇੜੇ ਸਥਿਤ ਟਰੱਸਟ ਦੇ ਦਫਤਰ ਤੋਂ ਬਾਹਰ ਨਿਕਲ ਰਹੇ ਸਨ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਦੇ ਵਿਰੋਧ ਵਿੱਚ ਹਿੰਦੂ ਆਗੂਆਂ ਨੇ ਸ਼ਨੀਵਾਰ ਨੂੰ ਲੁਧਿਆਣਾ ਬੰਦ ਦਾ ਐਲਾਨ ਕੀਤਾ ਸੀ ਪਰ ਦੇਰ ਰਾਤ ਹਿੰਦੂ ਆਗੂਆਂ ਨੇ ਲੁਧਿਆਣਾ ਬੰਦ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਹੈ। ਹਿੰਦੂ ਨੇਤਾਵਾਂ ਦੇ ਵਿਰੋਧ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਬਾਜ਼ਾਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਟਕਰਾਅ ਨੂੰ ਰੋਕਣ ਲਈ ਗਸ਼ਤ ਵਧਾ ਦਿੱਤੀ ਗਈ ਹੈ। ਸ਼ਿਵ ਸੈਨਾ ਆਗੂ ਨੂੰ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।