ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪੰਜਾਬ ਦੀਆਂ ਪ੍ਰਮੁੱਖ ਮੰਗਾਂ ਨੂੰ ਲੈ ਕੇ 17 ਅਗਸਤ 2024 ਨੂੰ ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਾਰੇ ਮੰਤਰੀਆਂ ਦੇ ਘਰਾਂ ਵੱਲ ਮੁਜ਼ਾਹਰੇ ਕਰਕੇ ਤਿੰਨ ਘੰਟੇ ਲਈ ਧਰਨੇ ਦਿੱਤੇ ਜਾਣਗੇ। ਇਹ ਫੈਸਲਾ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮਨਜੀਤ ਸਿੰਘ ਧਨੇਰ, ਜੰਗਵੀਰ ਸਿੰਘ ਚੌਹਾਨ, ਕੰਵਲਪ੍ਰੀਤ ਸਿੰਘ ਪੰਨੂ ਅਤੇ ਰਾਮਿੰਦਰ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਹਾਲਾਤਾਂ ਉੱਪਰ ਨਿੱਠ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮਹਿਸੂਸ ਕੀਤਾ ਗਿਆ ਕਿ ਪੰਜਾਬ ਵਿੱਚ ਪਾਣੀ ਦਾ ਸੰਕਟ ਦਿਨੋਂ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਜ਼ਮੀਨ ਹੇਠਲਾ ਪਾਣੀ ਮਾਹਰਾਂ ਮੁਤਾਬਕ 2039 ਤੱਕ ਖਤਮ ਹੋ ਜਾਵੇਗਾ। ਦੂਸਰੀ ਤੱਘੀ ਵਿਚੋਂ ਪਾਣੀ ਖਤਮ ਹੋਣ ਕੰਢੇ ਪੁੱਜ ਗਿਆ ਹੈ। ਦੂਸਰੇ ਪਾਸੇ ਬਹੁਤ ਸਾਰੇ ਇਲਾਕਿਆਂ ਵਿੱਚ ਪੀਣ ਵਾਲੇ ਸਾਫ ਪਾਣੀ ਦਾ ਸੰਕਟ ਦਰਪੇਸ਼ ਹੈ। ਨਹਿਰੀ ਢਾਂਚਾ ਤਹਿਸ ਨਹਿਸ ਹੋ ਗਿਆ ਹੈ ਸਿੱਟੇ ਵਜੋਂ 1970 ਵਿੱਚ ਜਿਹੜਾ 45% ਰਕਬਾ ਨਹਿਰੀ ਸਿੰਜਾਈ ਹੇਠ ਸੀ, ਉਹ ਹੁਣ ਘੱਟ ਕੇ 27% ਰਹਿ ਗਿਆ ਹੈ। ਇਸ ਲਈ ਨਹਿਰੀ ਢਾਂਚੇ ਨੂੰ ਦੁਬਾਰਾ ਨਵੇਂ ਸਿਰੇ ਤੋਂ ਪੈਰਾਂ ਸਿਰ ਕਰਨ ਲਈ ਵੱਡੇ ਵਿੱਤ ਦੀ ਲੋੜ ਹੈ। ਕਿਸਾਨ ਜ਼ਮੀਨ ਹੇਠਲਾ ਪਾਣੀ ਕੱਢਣ ਲਈ ਮਜ਼ਬੂਰ ਹੈ। ਪੰਜਾਬੀ ਇਸ ਮਾਮਲੇ ਸਬੰਧੀ ਚਿੰਤਨ ਅਤੇ ਚਿੰਤਾ ਵਿੱਚ ਹਨ। ਇਸ ਲਈ ਸੰਯੁਕਤ ਕਿਸਾਨ ਮੋਰਚਾ ਪਾਣੀ ਦੀ ਵੰਡ, ਵਰਤੋਂ, ਸਾਂਭ ਸੰਭਾਲ ਅਤੇ ਪ੍ਰਦੂਸ਼ਣ ਨਾਲ ਸਬੰਧਤ ਬੁਨਿਆਦੀ ਮੰਗਾਂ ਨੂੰ ਸੰਬੋਧਨ ਕਰੇਗਾ। ਦਰਿਆਈ ਪਾਣੀਆਂ ਦਾ ਮਾਮਲਾ ਰਿਪੇਰੀਅਨ ਸਿਧਾਂਤ ਅਤੇ ਸੰਵਿਧਾਨਕ ਵਿਵਸਥਾ ਦੇ ਦਾਇਰੇ ਅਨੁਸਾਰ ਹੱਲ ਕਰਨ, ਹਰ ਘਰ ਨੂੰ ਪੀਣ ਵਾਲਾ ਸਾਫ ਪਾਣੀ ਅਤੇ ਹਰ ਖੇਤ ਨੂੰ ਨਹਿਰੀ ਪਾਣੀ ਦੇ ਨਾਲ ਨਾਲ ਮੀਂਹ ਦੇ ਪਾਣੀ ਦੀ ਸੰਭਾਲ, ਪਾਣੀ ਦੀ ਰੀਚਾਰਜ਼ਿੰਗ ਅਤੇ ਸਨਅਤੀ ਇਕਾਈਆਂ ਅਤੇ ਸੀਵਰੇਜ਼ ਸਿਸਟਮ ਅਤੇ ਹੋਰ ਢੰਗਾਂ ਨਾਲ ਪਾਣੀਆਂ ਦੇ ਹੋ ਰਹੇ ਪ੍ਰਦੂਸ਼ਣ ਨਾਲ ਸਬੰਧਤ ਮੰਗਾਂ ਨੂੰ ਉਠਾਇਆ ਜਾਵੇਗਾ। ਮੀਟਿੰਗ ਵਿੱਚ ਕਿਸਾਨਾਂ ਮਜ਼ਦੂਰਾਂ ਸਿਰ ਕਰਜ਼ੇ ਦੀ ਦਿਨੋਂ ਦਿਨ ਭਾਰੀ ਹੁੰਦੀ ਜਾ ਰਹੀ ਪੰਡ ਦੇ ਮਾਮਲੇ ਨੂੰ ਸਮੁੱਚਤਾ ਵਿਚ ਸੰਬੋਧਨ ਕਰਨ ਦਾ ਫੈਸਲਾ ਵੀ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਦੀ ਆਰਥਿਕਤਾ ਦੀ ਲੀਹੋਂ ਲੱਥੀ ਸਥਿਤੀ ਤੇ ਵਿਚਾਰ ਵਟਾਂਦਰਾ ਕਰਨ ਮਗਰੋਂ ਫੈਸਲਾ ਕੀਤਾ ਗਿਆ ਕਿ ਭਾਰਤ ਤੋਂ ਪਾਕਿਸਤਾਨ ਅਤੇ ਕੇਂਦਰੀ ਏਸ਼ੀਆ ਤੱਕ ਵਪਾਰ ਨੂੰ ਪੰਜਾਬ ਦੇ ਸੜਕੀ ਲਾਂਘਿਆਂ ਰਾਹੀਂ ਖੁਲ੍ਹਵਾਉਣ ਦੀ ਮੰਗ ਨੂੰ ਉਠਾਇਆ ਜਾਵੇਗਾ। ਪੰਜਾਬ ਸਰਕਾਰ ਤੋਂ ਇਸ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਦੀ ਮੰਗ ਕੀਤੀ ਜਾਵੇਗੀ। ਮੋਦੀ ਸਰਕਾਰ ਦੀ ਕੇਂਦਰੀਕਰਨ ਦੀ ਨੀਤੀ ਕਾਰਨ ਪੰਜਾਬ ਦੀਆਂ ਫੈਡਰਲ ਮੰਗਾਂ ਨੂੰ ਵੀ ਉਭਾਰਿਆ ਜਾਵੇਗਾ ।ਇਸ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਦਰਜ਼ ਕੀਤੇ ਗਏ ਕੇਸ, ਸਮੇਤ ਰੇਲਵੇ ਨਾਲ ਸਬੰਧਤ ਮਾਮਲੇ ਵੀ ਉਠਾਏ ਜਾਣਗੇ। ਸੰਯੁਕਤ ਕਿਸਾਨ ਮੋਰਚਾ ਨੇ ਤੈਅ ਹੋਏ ਮੰਗਾਂ ਮੁੱਦਿਆਂ ਨੂੰ ਲੋਕਾਂ ਤੱਕ ਲਿਜਾਣ ਲਈ ਇਕ ਦੋ-ਵਰਕੀ ਅਤੇ ਮੰਗਾਂ ਸਬੰਧੀ ਮੰਗ ਪੱਤਰ ਦਾ ਖਰੜਾ ਤਿਆਰ ਕਰਨ ਅਤੇ 17 ਅਗਸਤ ਦੇ ਮੁਜ਼ਾਹਰਿਆਂ ਦੇ ਸੱਦੇ ਨੂੰ ਲਾਗੂ ਕਰਨ ਸਬੰਧੀ ਅਗਲੀ ਡਿਟੇਲ ਬਣਾਉਣ ਲਈ ਇੱਕ 9 ਮੈਂਬਰੀ ਕਮੇਟੀ ਬਣਾਈ ਹੈ। ਜਿਸ ਵਿੱਚ ਸਰਵਸ੍ਰੀ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗੜ੍ਹ, ਡਾ: ਸਤਨਾਮ ਸਿੰਘ ਅਜਨਾਲਾ, ਗੁਰਨਾਮ ਸਿੰਘ ਭੀਖੀ, ਜੰਗਵੀਰ ਸਿੰਘ ਚੌਹਾਨ, ਅੰਗਰੇਜ਼ ਸਿੰਘ ਭਦੌੜ ਅਤੇ ਰਾਮਿੰਦਰ ਸਿੰਘ ਪਟਿਆਲਾ ਸ਼ਾਮਲ ਕੀਤੇ ਗਏ। ਮੀਟਿੰਗ ਵਿੱਚ ਰਾਜਪੁਰਾ ਤਹਿਸੀਲ ਦੇ ਪਿੰਡਾਂ ਵਿੱਚ ਪੰਜ ਸੌ ਏਕੜ ਜ਼ਮੀਨ ਦੇ ਮਾਮਲੇ ਵਿੱਚ ਜ਼ਮੀਨ ਡੀਨੋਟੀਫਾਈ ਕਰਕੇ ਕਿਸਾਨਾਂ ਨੂੰ ਵਾਪਸ ਕਰਨ, ਮਲੋਟ ਵਿਖੇ ਜਬਰੀ ਅਧਿਗ੍ਰਹਿਣ ਕੀਤੀ ਜਾ ਰਹੀ 1400 ਏਕੜ ਜ਼ਮੀਨ ਵਿਰੁੱਧ ਅਤੇ ਲੁਧਿਆਣਾ ਜ਼ਿਲ੍ਹੇ ਵਿੱਚ ਗੈਸ ਪਲਾਂਟਾਂ ਵਿਰੁੱਧ ਤਿੰਨ ਪਿੰਡਾਂ ਦੇ ਮੋਰਚੇ ਦੇ ਹੱਕ ਵਿੱਚ ਮਤੇ ਪਾਸ ਕੀਤੇ ਗਏ। ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਭਾਰਤ ਬੰਦ ਦੇ ਸਮਰਥਨ ਵਿੱਚ ਹੜਤਾਲ ਕਰਨ ਵਾਲੇ ਅਧਿਆਪਕਾਂ ਦੀ ਹੜਤਾਲ ਦੇ ਦਿਨ ਦੀ ਫਾਜ਼ਿਲਕਾ ਦੇ ਡੀਉ ਵਲੋਂ ਤਨਖਾਹ ਕਟੌਤੀ ਕਰਨ ਵਿਰੁੱਧ ਫਾਜ਼ਿਲਕਾ ਵਿਖੇ ਅਧਿਆਪਕ ਜੱਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਧਰਨੇ ਦੇ ਸਮਰਥਨ ਦਾ ਮਤਾ ਵੀ ਪਾਸ ਕੀਤਾ ਗਿਆ। ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਬਲਬੀਰ ਸਿੰਘ ਰਾਜੇਵਾਲ, ਅਵਤਾਰ ਸਿੰਘ ਮੇਹਲੋਂ, ਹਰਮੀਤ ਸਿੰਘ ਕਾਦੀਆਂ, ਰੁਲਦੂ ਸਿੰਘ ਮਾਨਸਾ, ਡਾ: ਸਤਨਾਮ ਸਿੰਘ ਅਜਨਾਲਾ, ਬਲਦੇਵ ਸਿੰਘ ਨਿਹਾਲਗੜ੍ਹ, ਗੁਰਮੀਤ ਸਿੰਘ ਮਹਿਮਾ, ਬਲਵਿੰਦਰ ਸਿੰਘ ਮੱਲ੍ਹੀਨੰਗਲ, ਬਲਦੇਵ ਸਿੰਘ ਲਤਾਲਾ, ਮਲੂਕ ਸਿੰਘ ਹੀਰਕੇ, ਨਛੱਤਰ ਸਿੰਘ ਜੈਤੋ, ਮੁਕੇਸ਼ ਚੰਦਰ, ਹਰਜਿੰਦਰ ਸਿੰਘ ਟਾਂਡਾ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ, ਬਲਵਿੰਦਰ ਸਿੰਘ ਰਾਜੂਔਲਖ, ਹਰਦੇਵ ਸਿੰਘ ਸੰਧੂ, ਗੁਰਵਿੰਦਰ ਸਿੰਘ, ਇੰਦਰਪਾਲ ਸਿੰਘ, ਹਰਭਜਨ ਸਿੰਘ, ਵੀਰ ਸਿੰਘ ਬੜਵਾ, ਭੁਪਿੰਦਰ ਸਿੰਘ, ਕੇਵਲ ਸਿੰਘ,ਗੁਰਜੀਤ ਕੌਰ ਅਤੇ ਬਲਕਰਨ ਸਿੰਘ ਬਰਾੜ ਆਦਿ ਹਾਜ਼ਰ ਸਨ।