ਬਟਾਲਾ ਦੇ ਸ੍ਰੀ ਹਰਗੋਬਿੰਦਪੁਰ ਰੋਡ ‘ਤੇ ਪਿੰਡ ਬਹਾਦਰ ਹੁਸੈਨ ਨੇੜੇ ਦੋ ਮੋਟਰਸਾਈਕਲ ਸਵਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਦਸਵੀਂ ਜਮਾਤ ਦਾ ਵਿਦਿਆਰਥੀ ਦੱਸਿਆ ਜਾਂਦਾ ਹੈ ਅਤੇ ਗੰਭੀਰ ਜਖਮੀ ਹੋਇਆ ਨੌਜਵਾਨ ਵੀ ਕਾਲਜ ਤੋਂ ਵਾਪਸ ਘਰ ਜਾ ਰਿਹਾ ਸੀ। ਹਾਦਸਾ ਇਨ੍ਹਾ ਭਿਆਨਕ ਸੀ ਕਿ ਇੱਕ ਮੋਟਰਸਾਈਕਲ ਦਾ ਇੰਜਨ ਵੀ ਫਟ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਜਾਂਚ ਅਧਿਕਾਰੀ ਏਐੱਸਆਈ ਸਸ਼ਪਾਲ ਸਿੰਘ ਨੇ ਦੱਸਿਆ ਕਿ ਸ਼ਾਹਬਾਜ਼ ਸਿੰਘ 14 ਸਾਲ ਪੁੱਤਰ ਰਾਮ ਸਿੰਘ ਵਾਸੀ ਪਿੰਡ ਪ੍ਰਤਾਪਗੜ੍ਹ ਸਕੂਲ ਤੋਂ ਛੁੱਟੀ ਹੋਣ ’ਤੇ ਬਹਾਦਰ ਸੈਨ ਨਜ਼ਦੀਕ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਜਦ ਸ੍ਰੀ ਹਰਗੋਬਿੰਦਪੁਰ ਰੋਡ ਚੜ੍ਹਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਹੋਰ ਮੋਟਰਸਾਈਕਲ ਸਵਾਰ ਨਾਲ ਭਿਆਨਕ ਟੱਕਰ ਹੋ ਗਈ। ਹਾਦਸਾ ਇਨ੍ਹਾ ਭਿਆਨਕ ਸੀ ਕਿ ਵਿਦਿਆਰਥੀ ਸ਼ਹਿਬਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਮੋਟਰਸਾਈਕਲ ਸਵਾਰ ਨੌਜਵਾਨ ਰਣਬੀਰ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਮਸਾਣੀਆਂ ਗੰਭੀਰ ਰੂਪ ’ਚ ਜਖ਼ਮੀ ਹੋ ਗਿਆ ਹੈ। ਜ਼ਖ਼ਮੀ ਰਣਬੀਰ ਸਿੰਘ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਸਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਸੁਸ਼ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਸ਼ਾਹਬਾਜ਼ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਹੈ, ਜੋ ਵਿਦੇਸ਼ ’ਚ ਪੜ੍ਹ ਰਹੀ ਹੈ। ਸ਼ਹਬਾਜ਼ ਸਿੰਘ ਐਵਰੈਸਟ ਪਬਲਿਕ ਸਕੂਲ ਬਹਾਦਰਪੁਰ ਵਿੱਚ 10ਵੀਂ ਜਮਾਤ ਦਾ ਵਿਦਿਆਰਥੀ ਸੀ। ਪੋਸਟਮਾਰਟਮ ਕਰਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।