ਬਠਿੰਡਾ ਦੇ ਤਲਵੰਡੀ ਸਾਬੋ ਦਸਮੇਸ਼ ਸਕੂਲ ਨੇੜੇ ਦੁਪਹਿਰ 2 ਵਜੇ ਦੇ ਕਰੀਬ ਇੱਕ ਆਲਟੋ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਵਿਚ ਸਵਾਰ ਲੋਕਾਂ ਨੇ ਅੱਗ ਲੱਗਣ ਤੋਂ ਤੁਰੰਤ ਬਾਅਦ ਬਾਹਰ ਨਿਕਲ ਕੇ ਜਾਨ ਬਚਾਈ। ਕਾਰ ਮਾਲਕ ਅਮਨਦੀਪ ਸਿੰਘ ਪੁੱਤਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਆਲਟੋ ਕਾਰ ਲੈ ਕੇ ਰਾਜਸਥਾਨ ਦੇ ਸ੍ਰੀਗੰਗਾਨਗਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਆ ਰਿਹਾ ਸੀ। ਜਦੋਂ ਉਨ੍ਹਾਂ ਦੀ ਕਾਰ ਤਲਵੰਡੀ ਸਾਬੋ ਦੇ ਦਸਮੇਸ਼ ਸਕੂਲ ਨੇੜੇ ਪੁੱਜੀ ਤਾਂ ਅਚਾਨਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਦੇ ਹੀ ਕਾਰ ‘ਚ ਸਵਾਰ ਦੋ ਔਰਤਾਂ ਅਤੇ ਦੋ ਆਦਮੀ ਤੁਰੰਤ ਬਾਹਰ ਆ ਗਏ ਅਤੇ ਵਾਲ-ਵਾਲ ਆਪਣੀ ਜਾਨ ਬਚਾਈ। ਇਸ ਤੋਂ ਪਹਿਲਾਂ ਕਿ ਕਾਰ ਮਾਲਕ ਕੁਝ ਸਮਝ ਪਾਉਂਦਾ, ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਦੇ ਇੰਜਣ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ, ਜਦਕਿ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।