16ਵੇਂ ਵਿੱਤ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਕਈ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਇਆ। ਫਸਲੀ ਵਿਭਿੰਨਤਾ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਉਦਯੋਗ ਦੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਮੌਕੇ ਇਹ ਵੀ ਵਿਚਾਰ ਕੀਤਾ ਗਿਆ ਕਿ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਦੀ ਬਜਾਏ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਵਿੱਚ ਰੁਚੀ ਦਿਖਾਉਣੀ ਚਾਹੀਦੀ ਹੈ। ਇਸ ਮੌਕੇ ਪੰਜਾਬ ਸਰਕਾਰ ਨੇ ਕੁੱਲ 132347 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਫਸਲੀ ਵਿਭਿੰਨਤਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਸੀ। ਸਰਕਾਰ ਨੇ ਫੈਸਲਾ ਕੀਤਾ ਸੀ ਕਿ ਜਿਹੜੇ ਕਿਸਾਨ ਝੋਨੇ ਦੀ ਬਜਾਏ ਹੋਰ ਫਸਲਾਂ ਦੀ ਕਾਸ਼ਤ ਕਰਦੇ ਹਨ, ਉਨ੍ਹਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਕਮਿਸ਼ਨ ਦੇਸ਼ ਦੇ ਵੱਖ-ਵੱਖ ਰਾਜਾਂ ਦਾ ਦੌਰਾ ਕਰ ਰਿਹਾ ਹੈ। ਇਸ ਤੋਂ ਪਹਿਲਾਂ ਕਮਿਸ਼ਨ ਹਿਮਾਚਲ ਪ੍ਰਦੇਸ਼ ਅਤੇ ਛੱਤੀਸਗੜ੍ਹ ਦਾ ਦੌਰਾ ਕਰ ਚੁੱਕਾ ਹੈ। ਇਸ ਮੌਕੇ ਸਰਕਾਰ ਨੇ 7500 ਕਰੋੜ ਰੁਪਏ ਦੇ ਵਿਕਾਸ ਫੰਡ, ਖੇਤੀ ਅਤੇ ਫ਼ਸਲੀ ਵਿਭਿੰਨਤਾ ਲਈ 17950 ਕਰੋੜ ਰੁਪਏ, ਪਰਾਲੀ ਸਾੜਨ ਤੋਂ ਰੋਕਣ ਲਈ 5025 ਕਰੋੜ ਰੁਪਏ, ਨਾਰਕੋ ਅੱਤਵਾਦ ਨਾਲ ਨਜਿੱਠਣ ਲਈ 8846 ਕਰੋੜ ਰੁਪਏ ਮੰਗੇ ਹਨ। ਇਸ ਤੋਂ ਇਲਾਵਾ ਉਦਯੋਗਾਂ ਨੂੰ 6000 ਕਰੋੜ ਰੁਪਏ, ਸਥਾਨਕ ਇਕਾਈਆਂ ਨੂੰ 9426 ਕਰੋੜ ਰੁਪਏ ਅਤੇ ਪੇਂਡੂ ਵਿਕਾਸ ਇਕਾਈਆਂ ਨੂੰ 10,000 ਕਰੋੜ ਰੁਪਏ ਦੇ ਫੰਡ ਦੇਣ ਦੀ ਮੰਗ ਕੀਤੀ ਗਈ ਹੈ। ਮੁਹਾਲੀ ਨਗਰ ਨਿਗਮ ਵੱਲੋਂ ਪੰਜਾਬ ਦੌਰੇ ’ਤੇ ਆਏ ਵਿੱਤ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਹੈ। ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਮਿਸ਼ਨ ਨੂੰ ਪੱਤਰ ਲਿਖ ਕੇ 100 ਕਰੋੜ ਰੁਪਏ ਦੀ ਗਰਾਂਟ ਮੰਗੀ ਹੈ, ਤਾਂ ਜੋ ਮੁਹਾਲੀ ਦਾ ਸਹੀ ਢੰਗ ਨਾਲ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਨੂੰ ਇਸ ਮੰਗ ’ਤੇ ਗੌਰ ਕਰਨਾ ਚਾਹੀਦਾ ਹੈ। 16ਵਾਂ ਵਿੱਤ ਕਮਿਸ਼ਨ 24 ਤਰੀਕ ਤੱਕ ਪੰਜਾਬ ਦੇ ਦੌਰੇ ‘ਤੇ ਹੈ। ਕਮਿਸ਼ਨ ਕੱਲ੍ਹ ਸ਼ਾਮ ਪੰਜਾਬ ਪਹੁੰਚ ਗਿਆ। ਕਮਿਸ਼ਨ ਦਾ ਮੁਹਾਲੀ ਹਵਾਈ ਅੱਡੇ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਕਈ ਮੰਤਰੀ ਮੌਜੂਦ ਸਨ। ਇਸ ਦੌਰੇ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਕੇਂਦਰ ਤੋਂ ਰਾਜਾਂ ਨੂੰ ਟੈਕਸ ਅਤੇ ਹੋਰ ਚੀਜ਼ਾਂ ਦਿੱਤੀਆਂ ਜਾਂਦੀਆਂ ਹਨ। ਪੰਜਾਬ ਨੂੰ 15ਵੇਂ ਵਿੱਤ ਕਮਿਸ਼ਨ ਤੋਂ 25968 ਕਰੋੜ ਰੁਪਏ ਮਿਲੇ ਹਨ।