ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇੱਥੇ ਉਹ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦੇਣਗੇ। ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਬਾਗੀ ਧੜਾ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਸੀ। ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫ਼ੀ ਪੱਤਰ ਸੌਂਪਿਆ ਸੀ। ਇਸ ਮੁਆਫ਼ੀਨਾਮੇ ਵਿੱਚ ਬਾਗੀ ਧੜੇ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਗ਼ਲਤੀਆਂ ਦਾ ਸਮਰਥਨ ਕਰਨ ਲਈ ਮੁਆਫ਼ੀ ਮੰਗੀ ਸੀ ਅਤੇ ਦੋਸ਼ ਲਾਇਆ ਸੀ ਕਿ ਸੁਖਬੀਰ ਬਾਦਲ ਨੇ ਸੱਤਾ ਦਾ ਆਨੰਦ ਮਾਣਦਿਆਂ ਆਪਣੇ ਪ੍ਰਭਾਵ ਅਤੇ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਹੈ। ਸੁਖਬੀਰ ਬਾਦਲ ਨੂੰ 15 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਵਿੱਚ 15 ਦਿਨਾਂ ਦੇ ਅੰਦਰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ। ਬੀਤੇ ਦਿਨ ਹੀ ਉਨ੍ਹਾਂ ਅਕਾਲੀ ਦਲ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਸੀ। ਜਿਸ ਵਿੱਚ ਬਾਗੀ ਧੜੇ ਦੇ ਆਗੂ ਵੀ ਸ਼ਾਮਲ ਹਨ।