ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਕਿ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਖੰਬੇ ਦੇ ਵਿੱਚ ਨੰਗੀਆਂ ਤਾਰਾਂ ਹੋਣ ਕਾਰਨ ਕਰੰਟ ਸੀ ਅਤੇ ਕਰੰਟ ਨੇ ਬੱਚੇ ਨੂੰ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ਕਾਰਨ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬੱਚੇ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਅਨੁਸਾਰ ਬੱਚੇ ਗਲੀ ਵਿੱਚ ਖੰਭੇ ਨੇੜੇ ਖੇਡ ਰਹੇ ਸਨ। ਇਸ ਦੌਰਾਨ 7 ਸਾਲਾ ਬੱਚੇ ਗੁਰਮਨ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਮੁਹੱਲੇ ਦੇ ਲੋਕਾਂ ਦੇ ਵਿੱਚ ਵੱਡਾ ਰੋਸ ਦੇਖਣ ਨੂੰ ਮਿਲਿਆ। ਲੋਕਾਂ ਦਾ ਦੋਸ਼ ਹੈ ਕਿ ਕੱਲ ਸ਼ਾਮ 7 ਵਜੇ ਦੀ ਘਟਨਾ ਪਰ ਹਜੇ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਗਰੀਬ ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟ ਕਰਨ ਤੱਕ ਵੀ ਨਹੀਂ ਪਹੁੰਚਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਜਲੀ ਦੇ ਖੰਭਿਆਂ ਦੀਆਂ ਤਾਰਾਂ ਨੰਗੀਆਂ ਹਨ। ਜਿਸ ਬਾਰੇ ਵਿਭਾਗ ਨੂੰ ਪਹਿਲਾਂ ਵੀ ਕਈ ਵਾਰ ਜਾਣੂ ਕਰਵਾਇਆ ਗਿਆ ਸੀ ਪਰ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।