ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗਲਵਾਰ ਨੂੰ ਤੀਜੀ ਵਾਰ ਪਟਿਆਲਾ ‘ਚ SIT ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਮਜੀਠੀਆ ਨੇ ਸਿੱਟ ਅੱਗੇ ਨਾ ਆਉਣ ਬਾਰੇ ਪੱਤਰ ਰਾਹੀਂ ਜਵਾਬ ਭੇਜਿਆ ਹੈ। 20 ਜੁਲਾਈ ਨੂੰ ਵੀ ਮਜੀਠੀਆ ਨੂੰ ਜਾਂਚ ਲਈ ਬੁਲਾਇਆ ਗਿਆ ਸੀ ਪਰ ਸੁਪਰੀਮ ਕੋਰਟ ਵਿੱਚ ਸੁਣਵਾਈ ਦਾ ਹਵਾਲਾ ਦਿੰਦਿਆਂ ਬਿਕਰਮ ਮਜੀਠੀਆ ਨੇ SIT ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਮਜੀਠੀਆ ਨੇ ਅੱਜ SIT ਨੂੰ ਇੱਕ ਚਿੱਠੀ ਲਿਖੀ ਹੈ, ਜਿਸ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਚੰਡੀਗੜ੍ਹ ਵਿਖੇ ਇੱਕ ਮਾਮਲੇ ਵਿੱਚ ਅੱਜ ਸੁਣਵਾਈ ਹੈ ਅਤੇ ਉਨ੍ਹਾਂ ਨੂੰ ਅਦਾਲਤ ਨੇ ਇਸ ਸੁਣਵਾਈ ਦੌਰਾਨ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਿਸ ਕਰਕੇ ਅੱਜ ਉਹ SIT ਅੱਗੇ ਪੇਸ਼ ਨਹੀਂ ਹੋਣਗੇ। ਇਸ ਦੇ ਨਾਲ ਹੀ 20 ਜੁਲਾਈ ਨੂੰ ਭੇਜੇ ਗਏ ਜਵਾਬ ਵਿੱਚ ਮਜੀਠੀਆ ਨੇ ਕਿਹਾ ਸੀ ਕਿ ਰੈਗੂਲਰ ਜ਼ਮਾਨਤ ਸਬੰਧੀ ਉਨ੍ਹਾਂ ਦੀ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੈ। ਉਸ ਨੇ ਆਪਣਾ ਕੇਸ ਸੁਪਰੀਮ ਕੋਰਟ ਵਿੱਚ ਪੇਸ਼ ਕਰਨ ਦੀ ਤਿਆਰੀ ਕਰਨੀ ਹੈ ਅਤੇ ਇਸ ਲਈ ਉਹ ਨਵੀਂ ਦਿੱਲੀ ਵਿੱਚ ਹਨ। ਜਿਸ ਕਾਰਨ ਉਨ੍ਹਾਂ ਦੀ ਤਰੀਕ 23 ਜੁਲਾਈ ਤੋਂ ਬਾਅਦ ਰੱਖੀ ਜਾਵੇ। ਜਿਸ ਤੋਂ ਬਾਅਦ ਐਸਆਈਟੀ ਨੇ ਮੁੜ 30 ਜੁਲਾਈ ਲਈ ਸੰਮਨ ਭੇਜੇ।