ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁੱਧਵਾਰ ਨੂੰ ਸੁਨਾਮ ਦਾ ਦੌਰਾ ਕਰਨਗੇ। ਜਿੱਥੇ ਸ਼ਹੀਦ ਊਧਮ ਸਿੰਘ ਦੇ 85ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਹ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਉਹ ਸ਼ਹੀਦ ਊਧਮ ਸਿੰਘ ਸਮਾਰਕ ਦਾ ਵੀ ਦੌਰਾ ਕਰਨਗੇ। ਮੁੱਖ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਹਨ। ਇਸ ਤੋਂ ਪਹਿਲਾਂ ਅੱਜ ਸੂਬੇ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਕਈ ਮੰਤਰੀ ਸ਼ਾਮਲ ਹੋਏ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਕਈ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਸੰਗਰੂਰ ਦੇ ਸੁਨਾਮ ਦਾ ਦੌਰਾ ਕਰਨ ਵਾਲੇ ਹਨ। ਸ਼ਹੀਦ ਊਧਮ ਸਿੰਘ ਦਾ ਜਨਮ 26 ਦਸੰਬਰ 1899 ਨੂੰ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਹੋਇਆ ਸੀ। ਉਸ ਨੇ ਲੰਡਨ ਜਾ ਕੇ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਦਿੱਤੀ, ਜੋ ਜਲ੍ਹਿਆਂਵਾਲਾ ਬਾਗ ਕਾਂਡ ਵੇਲੇ ਪੰਜਾਬ ਦਾ ਗਵਰਨਰ ਜਨਰਲ ਸੀ। ਉਥੇ ਹੀ 31 ਜੁਲਾਈ 1940 ਨੂੰ ਉਸ ਨੂੰ ਫਾਂਸੀ ਦੇ ਦਿੱਤੀ ਗਈ।