78ਵੇਂ ਆਜ਼ਾਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਅਜ਼ਾਦੀ ਲਈ ਸਾਡੇ ਹੀਰੇ ਲੁਟਾਏ ਹਨ। ਉਨ੍ਹਾਂ ਦੱਸਿਆ ਕਿ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਸਨ। ਇਨ੍ਹਾਂ ਖਿਡਾਰੀਆਂ ਨੂੰ ਜਲਦੀ ਹੀ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਵਾਹਗਾ ਬਾਰਡਰ ‘ਤੇ ਤਿਰੰਗਾ ਲਹਿਰਾਇਆ ਗਿਆ। ਬਾਰਡਰ ਰੇਂਜ ਦੇ ਡੀਆਈਜੀ ਐਸਐਸ ਚੰਦੇਲ ਨੇ ਝੰਡਾ ਲਹਿਰਾਇਆ। ਇਸ ਮੌਕੇ ਮਠਿਆਈਆਂ ਵੀ ਵੰਡੀਆਂ ਗਈਆਂ। ਮੁੱਖ ਮੰਤਰੀ ਦੇ ਪ੍ਰੋਗਰਾਮ ਨੂੰ ਲੈ ਕੇ ਜਲੰਧਰ ‘ਚ 8 ਥਾਵਾਂ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਸ਼ਹਿਰ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ‘ਤੇ ਆਉਣ-ਜਾਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। 1500 ਤੋਂ ਵੱਧ ਪੁਲੀਸ ਮੁਲਾਜ਼ਮ ਸੜਕਾਂ ’ਤੇ ਤਾਇਨਾਤ ਹਨ ਤਾਂ ਜੋ ਕੋਈ ਸ਼ਰਾਰਤੀ ਅਨਸਰ ਸਮਾਗਮ ਵਿੱਚ ਵਿਘਨ ਨਾ ਪਾ ਸਕੇ। CM ਨੇ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੀ ਬਰਸੀ ਵੀ ਹੈ। ਉਨ੍ਹਾਂ ਤੋਂ ਹੀ ਭਗਤ ਸਿੰਘ ਨੂੰ ਆਜ਼ਾਦੀ ਸੰਗਰਾਮ ਦੀ ਪ੍ਰੇਰਨਾ ਮਿਲੀ। ਇਹ ਦਿਨ ਬਹੁਤ ਪਵਿੱਤਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ। ਇੱਥੇ ਕੋਈ ਵੀ ਬੀਜ ਪਾਓ, ਇਹ ਉੱਗ ਜਾਵੇਗਾ। ਉਨ੍ਹਾਂ ਸਲਾਹ ਦਿੱਤੀ ਕਿ ਸਾਡੇ ਸਮਾਜਿਕ ਬੰਧਨ ਨੂੰ ਤੋੜਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਇੱਥੇ ਈਦ, ਰਾਮਨਵਮੀ, ਹਨੂੰਮਾਨ ਜਯੰਤੀ ਵਰਗੇ ਤਿਉਹਾਰ ਇਕੱਠੇ ਮਨਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਪੂਰੇ ਦੇਸ਼ ਦੇ ਹੁੰਦੇ ਹਨ। ਇਨ੍ਹਾਂ ਨੂੰ ਵੰਡਿਆ ਨਹੀਂ ਜਾਣਾ ਚਾਹੀਦਾ।