ਬਠਿੰਡਾ ‘ਚ ਇਕ ਨੌਜਵਾਨ ਵੱਲੋਂ ਸੜਕ ‘ਤੇ ਖੜ੍ਹੇ ਹੋ ਕੇ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੌਜਵਾਨ ਦੀ ਪਛਾਣ ਕਰਕੇ ਉਸ ਦੇ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਸੀਆਈਏ ਸਟਾਫ਼ 2 ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਦੇ ਰਹਿਣ ਵਾਲੇ ਜਸਕਰਨ ਸਿੰਘ ਨੇ ਬਠਿੰਡਾ ਕੈਂਟ ਰੋਡ ਨੇੜੇ ਥਾਰ ਗੱਡੀ ਤੋਂ ਹੇਠਾਂ ਉਤਰ ਕੇ ਹਵਾਈ ਫਾਇਰਿੰਗ ਕੀਤੀ ਹੈ। ਜਸਕਰਨ ਸਿੰਘ ਵੱਲੋਂ ਹਥਿਆਰ ਦਿਖਾਉਂਦੇ ਹੋਏ ਸੋਸ਼ਲ ਮੀਡੀਆ ‘ਤੇ ਵੀਡੀਓ ਅਪਲੋਡ ਕੀਤੀ ਗਈ ਸੀ। ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨਾ ਕਰਨ ਦੀ ਹਦਾਇਤ ਕੀਤੀ ਸੀ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਪਰ ਫਿਰ ਵੀ ਲੋਕ ਸ਼ੋਸ਼ਲ ਮੀਡੀਆ ‘ਤੇ ਲਗਾਤਾਰ ਹਥਿਆਰ ਦਿਖਾ ਰਹੇ ਹਨ। ਜਿਸ ਕਾਰਨ ਪੁਲਿਸ ਨੇ ਹੁਣ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦਰਜ ਕਰਦੇ ਹੋਏ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।