ਰੱਖੜੀ ਤੋਂ 2 ਦਿਨ ਪਹਿਲਾਂ 5 ਭੈਣਾਂ ਦੇ ਇਕਲੌਤੇ ਭਰਾ ਦੀ ਅੰਮ੍ਰਿਤਸਰ ‘ਚ ਬੀਐਸਐਫ ਦੀ ਗੱਡੀ ਦੀ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਾਨਕ ਸਿੰਘ ਵਾਸੀ ਪਿੰਡ ਬੇਦੀ ਛੰਨਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਗੱਗੋਮਾਹਲ ਦੀ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨਾਨਕ ਸਿੰਘ ਦਿਹਾੜੀਦਾਰ ਮਜ਼ਦੂਰ ਸੀ। ਕੰਮ ਤੋਂ ਬਾਅਦ ਉਹ ਰੋਜ਼ਾਨਾ ਦੀ ਤਰ੍ਹਾਂ ਗੱਗੋਮਾਹਲ ਤੋਂ ਜ਼ਰੂਰੀ ਘਰੇਲੂ ਸਮਾਨ ਅਤੇ ਖਾਣ ਪੀਣ ਦਾ ਸਮਾਨ ਲੈ ਕੇ ਘਰ ਪਰਤ ਰਿਹਾ ਸੀ ਪਰ ਰਸਤੇ ਵਿੱਚ ਬੀਐਸਐਫ ਦੀ ਇੱਕ ਗੱਡੀ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਨਾਨਕ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ। ਇਹ ਸਪੱਸ਼ਟ ਤੌਰ ‘ਤੇ ਨਹੀਂ ਕਿਹਾ ਜਾ ਸਕਦਾ ਕਿ ਇਸ ਵਿਚ ਕਿਸ ਦਾ ਕਸੂਰ ਹੈ। ਜਾਂਚ ਤੋਂ ਬਾਅਦ ਹੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਾਨਕ ਸਿੰਘ ਦੇ ਪਿਤਾ ਦੀ ਕਰੀਬ 2 ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਘਰ ਦਾ ਸਾਰਾ ਬੋਝ ਉਸ ਦੇ ਮੋਢਿਆਂ ‘ਤੇ ਆ ਗਿਆ ਸੀ। ਉਸ ਦੀਆਂ ਪੰਜ ਭੈਣਾਂ ਹਨ ਅਤੇ ਉਹ ਇਨ੍ਹਾਂ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਹਾਦਸੇ ਨਾਲ ਨਾਨਕ ਸਿੰਘ ਦਾ ਪੂਰਾ ਪਰਿਵਾਰ ਚਕਨਾਚੂਰ ਹੋ ਗਿਆ ਹੈ। ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।