ਫ਼ੌਜ ‘ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ, ਇਸ ਜ਼ਿਲ੍ਹੇ ’ਚ 10 ਤੋਂ 20 ਨਵੰਬਰ 2024 ਨੂੰ ਹੋਵੇਗੀ ਭਰਤੀ

ਫ਼ੌਜੀ ਵਿਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ ਸਾਹਮਣੇ ਆਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਵਿਚ 10 ਤੋਂ 20 ਨਵੰਬਰ 2024 ਤਕ ਹੋਣ ਵਾਲੀ ਫ਼ੌਜ ਦੀ ਭਰਤੀ ਰੈਲੀ ਨੂੰ ਉਚਿਤ ਢੰਗ ਨਾਲ ਪੂਰਾ ਕਰਨ ਲਈ ਬੁੱਧਵਾਰ ਸਬੰਧਤ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਅਤੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਭਰਤੀ ਰੈਲੀ ਸਥਾਨਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਚ ਹੋਵੇਗੀ, ਜਿਸ ਵਿਚ ਜਲੰਧਰ, ਕਪੂਰਥਲਾ, ਐੱਸ. ਬੀ. ਐੱਸ. ਨਗਰ, ਹੁਸ਼ਿਆਰਪੁਰ ਅਤੇ ਤਰਨਤਾਰਨ ਜ਼ਿਲਿਆਂ ਤੋਂ ਨੌਜਵਾਨ ਹਿੱਸਾ ਲੈਣਗੇ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਰਤੀ ਰੈਲੀ ਲਈ ਐੱਸ. ਡੀ. ਐੱਮ.-1 ਡਾ. ਜੈਇੰਦਰ ਸਿੰਘ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਉਮੀਦਵਾਰਾਂ ਦੇ ਰਹਿਣ, ਖਾਣ-ਪੀਣ, ਟਰਾਂਸਪੋਰਟੇਸ਼ਨ ਤੋਂ ਇਲਾਵਾ ਭਰਤੀ ਸਥਾਨ ਦੇ ਅੰਦਰ ਅਤੇ ਬਾਹਰ ਲੋੜੀਂਦੀ ਬੈਰੀਕੇਡਿੰਗ, ਸੁਰੱਖਿਆ, ਸਾਫ਼-ਸਫ਼ਾਈ, ਲਾਈਟਾਂ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲਾ ਪਾਣੀ, ਮੈਡੀਕਲ ਟੀਮਾਂ, ਐਂਬੂਲੈਂਸ, ਅਸਥਾਈ ਟਾਇਲਟ, ਫਾਇਰ ਟੈਂਡਰ ਸਮੇਤ ਹੋਰ ਜ਼ਰੂਰੀ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਰਤੀ ਰੈਲੀ ਦੌਰਾਨ ਰੋਜ਼ਾਨਾ 1000 ਤੋਂ 1200 ਉਮੀਦਵਾਰਾਂ ਦੀ ਹਿੱਸਾ ਲੈਣ ਦੀ ਉਮੀਦ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਕੀਤਾ ਜਾਵੇ ਕਿ ਰੈਲੀ ਵਿਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Leave a Reply

Your email address will not be published. Required fields are marked *