ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਨੀਵਾਰ ਅੰਮ੍ਰਿਤਸਰ ਪਹੁੰਚ ਰਹੇ ਹਨ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਹੈ। ਰਾਜਪਾਲ ਕਟਾਰੀਆ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਹੋਣਗੇ। ਦੋਵੇਂ ਇਕੱਠੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਦੇ ਨਾਲ ਹੀ ਉਹ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ। ਜ਼ਿਕਰਯੋਗ ਹੈ ਕਿ ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਇਹ ਪਹਿਲਾ ਮਾਨਸੂਨ ਸੈਸ਼ਨ ਹੈ। ਪੰਜਾਬ ਦੇ ਰਾਜਪਾਲ ਕਟਾਰੀਆ ਨੇ ਇਸ ਸਾਲ 31 ਜੁਲਾਈ ਨੂੰ ਅਹੁਦਾ ਸੰਭਾਲਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਭਵਿੱਖ ਦੇ ਸਬੰਧਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਜਵਾਬ ਸੀ, ਸਮਾਂ ਦੱਸੇਗਾ। ਇਸ ਤੋਂ ਬਾਅਦ ਰਾਜਪਾਲ ਕਟਾਰੀਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਇਸ ਨੂੰ ਮੁੱਦਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਰਾਜਪਾਲ ਅਤੇ ਮੁੱਖ ਮੰਤਰੀ ਚੁੱਪ ਰਹੇ।