ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਚੇਤਨ ਸਿੰਘ ਜੌੜਾਮਾਜਰਾ ਨੇ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਇਸ ਬਿਲ ‘ਤੇ ਵਿਚਾਰ ਕਰਨ ਤੋਂ ਬਾਅਦ ਇਸ ਬਿਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।