ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਈਡੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਹ ਸੀਬੀਆਈ ਕੇਸ ਵਿੱਚ ਤਿਹਾੜ ਜੇਲ੍ਹ ਵਿਚ ਬੰਦ ਸਨ ਪਰ ਹੁਣ ਉਨ੍ਹਾਂ ਨੂੰ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਮਿਲ ਚੁੱਕੀ ਹੈ ਅਤੇ ਉਹ ਅੱਜ ਸ਼ਾਮ ਜਾਂ ਰਾਤ ਤੱਕ ਬਾਹਰ ਆ ਸਕਣਗੇ। ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਕਥਿਤ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਭੂਈਆ ਨੇ ਜ਼ਮਾਨਤ ਦਿੱਤੀ ਹੈ। ਹਾਲਾਂਕਿ ਸੀਬੀਆਈ ਦੀ ਗ੍ਰਿਫਤਾਰੀ ‘ਤੇ ਦੋਵਾਂ ਜੱਜਾਂ ਦੀ ਵੱਖੋ-ਵੱਖਰੀ ਰਾਏ ਹੈ। ਅਦਾਲਤ ਨੇ ਕਿਹਾ ਕਿ “ਕਿਉਂਕਿ ਚਾਰਜਸ਼ੀਟ ਦਾਇਰ ਹੋ ਚੁੱਕੀ ਹੈ ਅਤੇ ਮੁਕੱਦਮੇ ਦੀ ਸੁਣਵਾਈ ਨੇੜਲੇ ਭਵਿੱਖ ਵਿੱਚ ਪੂਰੀ ਨਹੀਂ ਹੋਣ ਵਾਲੀ ਹੈ, ਇਸ ਲਈ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰੱਖਣ ਦਾ ਕੋਈ ਕਾਰਨ ਨਹੀਂ ਹੈ।” ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਮਿਲ ਗਈ ਹੈ।