ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਦਲਜੀਤ ਕਲਸੀ ‘ਤੇ ਮੁੜ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (NSA) ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ, ਕੇਂਦਰ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਸਵਾਲ ਕੀਤਾ ਹੈ ਕਿ ਦੋਵਾਂ ਆਰੋਪੀਆਂ ‘ਤੇ NSA ਕਿਸ ਆਧਾਰ ’ਤੇ ਵਧਾਇਆ ਗਿਆ ਹੈ। ਅਗਲੀ ਸੁਣਵਾਈ ‘ਚ ਉਸ ਦਾ ਸਾਰਾ ਰਿਕਾਰਡ ਪੇਸ਼ ਕੀਤਾ ਜਾਵੇਗਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਅਕਤੂਬਰ ਨੂੰ ਤੈਅ ਕੀਤੀ ਗਈ ਹੈ। ਇਸ ਸਮੇਂ ਅੰਮ੍ਰਿਤਪਾਲ ਸਿੰਘ ਅਤੇ ਦਲਜੀਤ ਸਿੰਘ ਕਲਸੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਦੋਵਾਂ ਦੀ ਤਰਫੋਂ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ,ਜਿਸ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ‘ਤੇ ਨਵੇਂ ਸਿਰੇ ਤੋਂ NSA ਲਗਾਉਣਾ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਹ ਡੇਢ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਅਤੇ ਲੋਕਾਂ ਤੋਂ ਦੂਰ ਹਨ। ਉਨ੍ਹਾਂ ਦੀ ਜ਼ਿੰਦਗੀ ਅਤੇ ਆਜ਼ਾਦੀ ਨੂੰ ਅਸਾਧਾਰਨ ਅਤੇ ਬੇਰਹਿਮ ਤਰੀਕੇ ਨਾਲ ਖੋਹਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜੀ ਸੀ। ਉਨ੍ਹਾਂ ਨੇ ਇੱਕ ਦਿਨ ਵੀ ਪ੍ਰਚਾਰ ਨਹੀਂ ਕੀਤਾ। ਉਹ ਜੇਲ੍ਹ ਵਿੱਚ ਸੀ ਪਰ ਖੁਦ ਚੋਣ ਪ੍ਰਚਾਰ ਕੀਤੇ ਬਿਨਾਂ ਹੀ ਜਿੱਤ ਗਿਆ। ਦੂਜੇ ਪਾਸੇ ਦਲਜੀਤ ਸਿੰਘ ਕਲਸੀ ਹੁਣ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਹ ਵੀ ਚੋਣ ਲੜਨ ਦੇ ਇੱਛੁਕ ਹਨ। ਇਸ ਸਬੰਧੀ ਕੁਝ ਸਮਾਂ ਪਹਿਲਾਂ ਚਰਚਾ ਵੀ ਹੋਈ ਸੀ। ਕਲਸੀ ਨੇ ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ, ਜੋ ਸੀਟ ਸੁਖਜਿੰਦਰ ਸਿੰਘ ਰੰਧਾਵਾ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਸੀ।