ਫਗਵਾੜਾ, 15 ਜੂਨ (ਰਮਨਦੀਪ) – ਕੋਰੋਨਾ ਕਾਲ ਦੌਰਾਨ ਸਿਹਤ ਮੰਤਰੀ ਪੰਜਾਬ ਵੱਲੋ ਦਵਾਈਆਂ ਵਿੱਚ ਕੀਤੀ ਗਈ ਘਪਲੇਬਾਜੀ, ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਮੁੱਦੇ ਅਤੇ ਹੋਰਨਾਂ ਅਨੇਕਾ ਮੁੱਦਿਆ ਦਾ ਮੁੱਖ ਮੰਤਰੀ ਪੰਜਾਬ ਪਾਸੋਂ ਜਵਾਬ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਵੱਲੋਂ ਚੰਡੀਗੜ ਵਿਖੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘੇਰਾਓ ਕੀਤਾ ਗਿਆ। ਇਸ ਦੇ ਚੱਲਦਿਆ ਫਗਵਾੜਾ ਤੋਂ ਵੀ ਵੱਡੀ ਗਿਣਤੀ ਵਿੱਚ ਅਕਾਲੀ ਅਤੇ ਬਸਪਾ ਵਰਕਰ ਸੀਨੀਅਰ ਨੇਤਾ ਸਰਵਨ ਸਿੰਘ ਕੁਲਾਰ ਦੀ ਅਗਵਾਈ ਵਿੱਚ ਚੰਡੀਗੜ ਲਈ ਰਵਾਨਾ ਹੋਏ।ਸਰਵਨ ਸਿੰਘ ਕੁਲਾਰ ਨੇ ਕਿਹਾ ਕਿ ਕੈਪਟਨ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਵਾਸਤੇ ਹੀ ਅਕਾਲੀ ਦਲ ਵੱਲੋਂ ਚੰਡੀਗੜ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ ਕੀਤਾ ਜਾ ਰਿਹਾ ਹੈ।ਜਦੋਂ ਦੀ ਪੰਜਾਬ ਵਿੱਚ ਕੈਪਟਨ ਦੀ ਸਰਕਾਰ ਬਣੀ ਹੈ ਉਦੋ ਤੋ ਹੀ ਸੂਬੇ ਦਾ ਹਰ ਵਰਗ ਦੁਖੀ ਹੈ।ਇਸ ਤੋਂ ਇਲਾਵਾ ਉਨਾਂ ਕਿਹਾ ਕਿ ਇਸ ਘਪਲਿਆ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਅਕਾਲੀ ਦਲ ਬਾਦਲ ਅਤੇ ਬਸਪਾ ਦਾ 25 ਸਾਲ ਬਾਅਦ ਗੱਠਜੋੜ ਹੋਇਆ ਹੈ। ਸਰਵਣ ਸਿੰਘ ਕੁਲਾਰ ਨੇ ਕਿਹਾ ਕਿ ਇਸ ਵਾਰ ਅਕਾਲੀ ਦਲ ਬਾਦਲ ਅਤੇ ਬਹੁਜਨ ਪਾਰਟੀ ਪੰਜਾਬ ਦੀਆਂ ਸਾਰੀਆ ਸੀਟਾਂ ਜਿੱਤ ਕੇ ਸੂਬੇ ਵਿੱਚ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਸਰਕਾਰ ਬਣੇਗੀ।