ਪੰਚਾਇਤੀ ਚੋਣਾਂ ਨੂੰ ਲੈ ਕੇ CM ਮਾਨ ਨੇ ਕੀਤਾ ਵੱਡਾ ਐਲਾਨ, ਕਿਹਾ- ਇਸ ਵਾਰ ਮੈਂ ਪੰਚਾਇਤ ਦਾ ਇਕ ਵੀ ਰੁਪਿਆ ਨਹੀਂ ਖਾਣ ਦੇਣਾ

ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ। ਉਨ੍ਹਾਂ ਬਠਿੰਡਾ ਜ਼ਿਲ੍ਹਾ ਦੇ ਚਾਉਕੇ ਵਿਖੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਚੋਣ ਕਮਿਸ਼ਨ ਪੰਚਾਇਤੀ ਚੋਣਾਂ ਦਾ ਕਿਸੇ ਸਮੇਂ ਵੀ ਐਲਾਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਪੜ੍ਹੇ ਲਿਖੇ ਨੌਜਵਾਨ ਹਿੱਸਾ ਲੈਣ। ਉਨ੍ਹਾਂ ਐਲਾਨ ਕੀਤਾ ਕਿ ਜਿਹੜੇ ਪਿੰਡਾਂ ਵਿੱਚ ਸਰਬਸੰਮਤੀ ਨਾਲ ਸਰਪੰਚ ਚੁਣਿਆ ਜਾਵੇਗਾ ਉਸ ਪਿੰਡ ਨੂੰ 5 ਲੱਖ ਰੁਪਏ ਦੀ ਗ੍ਰਾਂਟ ਮਿਲੇਗੀ। ਇਸ ਤੋਂ ਇਲਾਵਾ ਸਰਬਸੰਮਤੀ ਨਾਲ ਚੁਣੀ ਜਾਣ ਵਾਲੀ ਪੰਚਾਇਤ ਨੂੰ ਪਿੰਡ ਲਈ ਸਕੂਲ, ਸਟੇਡੀਐਮ ਜਾਂ ਮੁਹੱਲਾ ਕਲੀਨਿਕ ਪਹਿਲ ਦੇ ਆਧਾਰ ‘ਤੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਪੰਚ ਪਿੰਡ ਦਾ ਹੋਣਾ ਚਾਹੀਦਾ, ਕਿਸੇ ਵੀ ਪਾਰਟੀ ਦਾ ਨਹੀਂ ਹੋਣਾ ਚਾਹੀਦਾ ਇਸ ਨਾਲ ਪਿੰਡਾਂ ਵਿੱਚ ਭਾਈਚਾਰਾ ਬਣਿਆ ਰਹੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਵਾਰ ਭੁੱਲ ਕੇ ਵੀ ਸਰਪੰਚੀ ਦੀਆਂ ਚੋਣਾਂ ਵਿਚ 40 ਲੱਖ ਨਾ ਲਗਾ ਲਓ, ਇਹ ਨਾ ਸੋਚ ਲੈਣਾ ਕਿ 40 ਲਗਾ ਕੇ 80 ਲੱਖ ਕੱਢ ਲਵਾਂਗੇ। ਮੈਂ ਪੰਚਾਇਤ ਦਾ ਇਕ ਵੀ ਰੁਪਿਆ ਨਹੀਂ ਖਾਣ ਦੇਣਾ। ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਨੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਚਾਉਕੇ ਤੋਂ 30 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 840 ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ। ਇਨ੍ਹਾਂ ਵਿੱਚੋਂ 310 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਅਤੇ 530 ਦੇ ਕਰੀਬ ਦਿਹਾਤੀ ਖੇਤਰਾਂ ਵਿੱਚ ਸਥਿਤ ਹਨ ਜਿਨ੍ਹਾਂ ਨੂੰ ਪੰਜਾਬ ਵਿੱਚ ਖੋਲ੍ਹੇ ਨੂੰ ਦੋ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਕਰੋੜ ਲੋਕ ਉਥੋਂ ਦਵਾਈਆਂ ਲੈ ਕੇ ਠੀਕ ਹੋ ਚੁੱਕੇ ਹਨ। ਇੱਥੋਂ ਲੋਕਾਂ ਨੂੰ ਮੁਫ਼ਤ ਵਿੱਚ ਇਲਾਜ ਕੀਤਾ ਜਾਂਦਾ ਹੈ ਅਤੇ ਦਵਾਈ ਦਿੱਤੀ ਜਾਂਦੀ ਹੈ।

Leave a Reply

Your email address will not be published. Required fields are marked *