‘ਜ਼ੀਰੋ ਬਿੱਲ’ ਖ਼ਾਤਰ ਖਪਤਕਾਰਾਂ ਨੇ ਇੱਕੋ ਘਰ ’ਚ ਲਗਵਾਏ ਦੋ-ਦੋ ਮੀਟਰ

ਪੰਜਾਬ ਦੇ ਬਿਜਲੀ ਦਫ਼ਤਰਾਂ ’ਚ ਹਰ ਰੋਜ਼ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਹਜ਼ਾਰਾਂ ਦਰਖਾਸਤਾਂ ਪੁੱਜ ਰਹੀਆਂ ਹਨ, ‘ਜ਼ੀਰੋ ਬਿੱਲਾਂ’ ਖ਼ਾਤਰ ਖਪਤਕਾਰ ਇੱਕੋ ਘਰ ’ਚ ਦੋ-ਦੋ ਬਿਜਲੀ ਦੇ ਮੀਟਰ ਲਗਵਾ ਰਹੇ ਹਨ। ਪੰਜਾਬ ਸਰਕਾਰ ਨੇ 1 ਜੁਲਾਈ 2022 ਤੋਂ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਫ਼ੈਸਲਾ ਲਾਗੂ ਕੀਤਾ ਸੀ, ਜਿਨ੍ਹਾਂ ਘਰਾਂ ਦੀ ਬਿਜਲੀ ਦੀ ਖਪਤ ਤਿੰਨ ਸੌ ਯੂਨਿਟ ਤੋਂ ਜ਼ਿਆਦਾ ਸੀ, ਉਨ੍ਹਾਂ ਮੁਫ਼ਤ ਦੀ ਬਿਜਲੀ ਲਈ ਇੱਕੋ ਘਰ ਦੀ ਚਾਰਦੀਵਾਰੀ ਅੰਦਰ ਇੱਕ-ਇੱਕ ਹੋਰ ਬਿਜਲੀ ਕੁਨੈਕਸ਼ਨ ਚਾਲੂ ਕਰਾ ਲਿਆ ਹੈ। ਅਜਿਹਾ ਕਰ ਕੇ ਬਹੁਤੇ ਪਰਿਵਾਰਾਂ ਨੇ ਇੱਕੋ ਘਰ ’ਚ 600 ਯੂਨਿਟ ਪ੍ਰਤੀ ਮਹੀਨਾ ਦਾ ਲਾਭ ਲੈਣਾ ਸ਼ੁਰੂ ਕੀਤਾ ਹੈ। 2022-23 ਤੋਂ ਜੁਲਾਈ 2024 ਤੱਕ ਪੰਜਾਬ ਵਿੱਚ 7.29 ਲੱਖ ਘਰੇਲੂ ਬਿਜਲੀ ਦੇ ਨਵੇਂ ਕੁਨੈਕਸ਼ਨ ਲੱਗੇ ਹਨ, ਜਦੋਂ ਜੁਲਾਈ 2022 ’ਚ ਮੁਫ਼ਤ ਯੂਨਿਟ ਦਾ ਫ਼ੈਸਲਾ ਲਾਗੂ ਹੋਇਆ ਤਾਂ ਉਸ ਵਿੱਤੀ ਵਰ੍ਹੇ ਦੌਰਾਨ ਸੂਬੇ ਵਿਚ 3.65 ਲੱਖ ਕੁਨੈਕਸ਼ਨ ਨਵੇਂ ਜਾਰੀ ਹੋਏ ਸਨ, ਜਿਸ ਨੇ ਪੁਰਾਣੇ ਵਰ੍ਹਿਆਂ ਦਾ ਰਿਕਾਰਡ ਤੋੜ ਦਿੱਤਾ ਸੀ। ਪੰਜਾਬ ਵਿੱਚ ਘਰੇਲੂ ਬਿਜਲੀ ਦੇ ਕੁਨੈਕਸ਼ਨ ਜੁਲਾਈ 2024 ਤੱਕ 80.14 ਲੱਖ ਹਨ, ਜਦਕਿ 2014-15 ਵਿਚ ਇਹ ਕੁਨੈਕਸ਼ਨ 60.06 ਲੱਖ ਸਨ। ਸਾਲ 2023-24 ਦੌਰਾਨ ਸੂਬੇ ਵਿਚ 2.62 ਲੱਖ ਨਵੇਂ ਕੁਨੈਕਸ਼ਨ ਜਾਰੀ ਹੋਏ, ਜਦਕਿ ਚਾਲੂ ਵਿੱਤੀ ਵਰ੍ਹੇ ਦੇ ਜੁਲਾਈ ਮਹੀਨੇ ਤੱਕ 1.01 ਲੱਖ ਨਵੇਂ ਕੁਨੈਕਸ਼ਨ ਜਾਰੀ ਹੋ ਚੁੱਕੇ ਹਨ। ‘ਜ਼ੀਰੋ ਬਿੱਲਾਂ’ ਦੇ ਲਾਭ ਲਈ ਖਪਤਕਾਰਾਂ ਵੱਲੋਂ ਦੋ-ਦੋ ਮੀਟਰ ਲਗਵਾ ਕੇ ਲਿਆ ਜਾ ਰਿਹਾ ਲਾਭ ਪੰਜਾਬ ਦੇ ਸਰਕਾਰੀ ਖ਼ਜ਼ਾਨੇ ’ਤੇ ਬੋਝ ਵਧਾ ਰਿਹਾ ਹੈ। ਸਾਲ 2023-24 ਦੌਰਾਨ ਜ਼ੀਰੋ ਬਿੱਲਾਂ ਕਰ ਕੇ ਬਿਜਲੀ ਸਬਸਿਡੀ ਦਾ ਬਿੱਲ 7324 ਕਰੋੜ ਦਾ ਬਣਿਆ ਸੀ, ਜਦਕਿ ਚਾਲੂ ਵਿੱਤੀ ਸਾਲ ਦੌਰਾਨ ਇਹ ਬਿੱਲ 8800 ਕਰੋੜ ਰੁਪਏ ਨੂੰ ਛੂਹ ਸਕਦਾ ਹੈ। ਰੱਜੇ ਪੁੱਜੇ ਘਰਾਂ ਨੇ ਵੀ ਯੂਨਿਟ ਮੁਆਫ਼ੀ ਦਾ ਫ਼ਾਇਦਾ ਲੈਣ ਲਈ ਨਵੇਂ ਕੁਨੈਕਸ਼ਨ ਲੈ ਲਏ ਹਨ, ਜਦਕਿ ਗ਼ਰੀਬ ਲੋਕਾਂ ਦੇ ਘਰਾਂ ਵਿੱਚ ਤਾਂ ਮਸਾਂ ਹੀ ਪ੍ਰਤੀ ਮਹੀਨਾ 300 ਯੂਨਿਟ ਦੀ ਖਪਤ ਹੁੰਦੀ ਹੈ। ਜਿਸ ਘਰ ਵਿੱਚ ਇੱਕ ਤੋਂ ਵੱਧ ਹੋਰ ਰਸੋਈ ਹੈ ਤਾਂ ਉਹ ਵੱਖਰਾ ਘਰ ਮੰਨ ਕੇ ਕੁਨੈਕਸ਼ਨ ਜਾਰੀ ਕਰ ਦਿੰਦੇ ਹਨ।

Leave a Reply

Your email address will not be published. Required fields are marked *