ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਰਾਮਾ ਮੰਡੀ, ਜ਼ਿਲ੍ਹਾ ਜਲੰਧਰ ਅਧੀਨ ਪੈਂਦੀ ਪੁਲਿਸ ਚੌਕੀ ਦਕੋਹਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਮਨਜੀਤ ਸਿੰਘ (ਨੰਬਰ 2707) ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮਨਜੀਤ ਰਾਏ ਵਾਸੀ ਮਾਨ ਸਿੰਘ ਨਗਰ, ਰਾਮਾ ਮੰਡੀ, ਜਲੰਧਰ ਵੱਲੋਂ ਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਨੇ ਆਪਣੀ ਲੜਕੀ ਨੂੰ ਅਗਵਾ ਕਰਨ ਸਬੰਧੀ ਕੁਝ ਵਿਅਕਤੀਆਂ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਉਕਤ ਏ.ਐਸ.ਆਈ ਨੇ ਉਸਦੀ ਲੜਕੀ ਦਾ ਪਤਾ ਲਗਾਉਣ ਬਦਲੇ 5,000 ਰੁਪਏ ਰਿਸ਼ਵਤ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਅਤੇ ਪੁਲਿਸ ਮੁਲਾਜ਼ਮ ‘ਤੇ 5000 ਰੁਪਏ ਰਿਸ਼ਵਤ ਲੈਣ ਦਾ ਦੋਸ਼ ਸਾਬਤ ਹੋ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਂਚ ਰਿਪੋਰਟ ਦੇ ਆਧਾਰ ‘ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।