ਪੰਜਾਬੀ ਗਾਇਕਾਂ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ ਕਿਉਂਕਿ ਸਰਕਾਰ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਪੰਜਾਬੀ ਗਾਇਕਾਂ ਦੀ ਸੁਰੱਖਿਆ ‘ਚ ਕਟੌਤੀ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਸਖ਼ਤ ਫੈਸਲਾ ਲਿਆ ਹੈ। ਪੰਜਾਬੀ ਗਾਇਕਾਂ ਦੀ ਸੁਰੱਖਿਆ ਨੂੰ ਘੱਟ ਕਰਨ ਲਈ ਜਲਦੀ ਹੀ ਅਧਿਕਾਰਤ ਹੁਕਮ ਜਾਰੀ ਕੀਤੇ ਜਾਣਗੇ। ਸੂਤਰਾਂ ਦੀ ਮੰਨੀਏ ਤਾਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਜੇਕਰ ਕਿਸੇ ਪੰਜਾਬੀ ਗਾਇਕ ਨੂੰ ਸੁਰੱਖਿਆ ਦੀ ਲੋੜ ਹੈ ਤਾਂ ਉਹ ਆਪਣੇ ਖ਼ਰਚੇ ‘ਤੇ ਅਪਲਾਈ ਕਰ ਸਕਦਾ ਹੈ। ਦੂਜੇ ਪਾਸੇ ਮੌਜੂਦਾ ਹਾਲਾਤਾਂ ਨੂੰ ਦੇਖੀਏ ਤਾਂ ਪੰਜਾਬ ਵਿੱਚ ਵਪਾਰੀਆਂ, ਕਾਰੋਬਾਰੀਆਂ, ਸਿਆਸਤਦਾਨਾਂ ਜਾਂ ਪੰਜਾਬੀ ਗਾਇਕਾਂ ਨੂੰ ਫਿਰੌਤੀ ਮੰਗਣ ਵਾਲੇ ਫੋਨ ਆ ਰਹੇ ਹਨ। ਕਾਰੋਬਾਰੀਆਂ, ਗਾਇਕਾਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। ਅਜਿਹੇ ‘ਚ ਉਨ੍ਹਾਂ ਦੀ ਸੁਰੱਖਿਆ ‘ਚ ਕਟੌਤੀ ਗਾਇਕਾਂ ਅਤੇ ਪੰਜਾਬ ਸਰਕਾਰ ਦੋਵਾਂ ਲਈ ਵੱਡੀ ਸਮੱਸਿਆ ਖੜ੍ਹੀ ਕਰ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਮਾਰੇ ਗਏ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਕੱਟੇ ਜਾਣ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ ਸੀ। ਸੁਰੱਖਿਆ ‘ਚ ਕਟੌਤੀ ਤੋਂ ਅਗਲੇ ਹੀ ਦਿਨ ਮੂਸੇਵਾਲਾ ‘ਤੇ ਹਮਲਾ ਹੋਇਆ ਸੀ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਕਾਫੀ ਸਿਆਸੀ ਹੰਗਾਮਾ ਹੋਣ ਦੀ ਉਮੀਦ ਹੈ।