ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੇ ਮੰਤਰੀ ਮੰਡਲ ਦਾ ਹਿੱਸਾ ਰਹੇ 5 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਤਾਂ ਜੋ ਨਵੇਂ ਨਿਯੁਕਤ ਮੰਤਰੀਆਂ ਨੂੰ ਰਿਹਾਇਸ਼ ਅਲਾਟ ਕੀਤੀ ਜਾ ਸਕੇ। ਪੰਜਾਬ ਸਿਵਲ ਸਕੱਤਰੇਤ ਦੇ ਪ੍ਰਸ਼ਾਸਨਿਕ ਅਧਿਕਾਰੀ ਨੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੋੜਾਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਮੰਤਰੀ ਨੂੰ ਅਹੁਦੇ ਤੋਂ ਹਟਾਏ ਜਾਣ ਦੇ 15 ਦਿਨਾਂ ਦੇ ਅੰਦਰ ਸਰਕਾਰੀ ਰਿਹਾਇਸ਼ ਖਾਲੀ ਕਰਨੀ ਪਵੇਗੀ। ਇਸ ਲਈ ਤੁਹਾਨੂੰ ਮਕਾਨ ਖਾਲੀ ਕਰਕੇ ਲੋਕ ਨਿਰਮਾਣ ਵਿਭਾਗ ਨੂੰ ਸੌਂਪਣਾ ਚਾਹੀਦਾ ਹੈ ਤਾਂ ਜੋ ਨਵੇਂ ਬਣੇ ਮੰਤਰੀਆਂ ਨੂੰ ਮਕਾਨ ਅਲਾਟ ਕੀਤੇ ਜਾ ਸਕਣ। ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ 5 ਨਵੇਂ ਮੰਤਰੀ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਡਾ. ਰਵਜੋਤ ਸਿੰਘ ਅਤੇ ਮੋਹਿੰਦਰ ਭਗਤ ਦੇ ਨਾਂ ਸ਼ਾਮਲ ਹਨ।