ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ NOC ਜਾਰੀ ਕਰਨ ਵਿੱਚ ਹੋ ਰਹੀ ਦੇਰੀ ਬਾਰੇ ਗੰਭੀਰ ਚਿੰਤਾਵਾਂ ਨੂੰ ਦੂਰ ਕਰਨ ਲਈ ਲੁਧਿਆਣਾ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨਾਲ ਇੱਕ ਅਹਿਮ ਮੀਟਿੰਗ ਕੀਤੀ। ਵੜਿੰਗ ਨੇ ਮੁੱਦਾ ਉਠਾਇਆ ਕਿ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਚਾਹਵਾਨ ਉਮੀਦਵਾਰਾਂ ਨੂੰ ਜਿੱਥੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੂੰ ਸਮੇਂ ਸਿਰ ਮਨਜ਼ੂਰੀ ਦਿੱਤੀ ਜਾ ਰਹੀ ਹੈ, ਉਥੇ ਆਜ਼ਾਦ ਅਤੇ ਗੈਰ-ਆਪ-ਗਠਜੋੜ ਉਮੀਦਵਾਰਾਂ ਨੂੰ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ, ਜਿਸ ਨਾਲ ‘ਆਪ’ ਨੂੰ ਸਮੁੱਚੀ ਚੋਣ ਪ੍ਰਕਿਰਿਆ ਵਿਚ ਨਾਜਾਇਜ਼ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ‘ਆਪ’ ਸਰਕਾਰ ਵੱਲੋਂ ਸੱਤਾ ਦੀ ਦੁਰਵਰਤੋਂ ‘ਤੇ ਬੋਲਦਿਆਂ ਕਿਹਾ “ਇਹ ਲੋਕਤੰਤਰ ਦਾ ਮਜ਼ਾਕ ਉਡਾਉਣ ਤੋਂ ਘੱਟ ਨਹੀਂ ਹੈ। ਆਮ ਆਦਮੀ ਪਾਰਟੀ ਇਹ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਨਾਲ ਗੱਠਜੋੜ ਨਾ ਕਰਨ ਵਾਲੇ ਸਾਰੇ ਉਮੀਦਵਾਰਾਂ ਨੂੰ ਹਨੇਰੇ ਵਿੱਚ ਰੱਖਿਆ ਜਾਵੇ। ਲੋਕਾਂ ਨੂੰ ਬੇਵਕੂਫ਼ ਬਣਾਉਣ ਦੀ ਇਹ ਇੱਕ ਗਿਣੀ-ਮਿਥੀ ਚਾਲ ਹੈ ਅਤੇ ਅਸੀਂ ਮੰਗ ਕਰਦੇ ਹਾਂ ਕਿ ਇਹ ਸਾਰੀ ਕਾਗਜ਼ੀ ਕਾਰਵਾਈ 15 ਦਿਨ ਪਹਿਲਾਂ ਪੂਰੀ ਹੋ ਜਾਣੀ ਚਾਹੀਦੀ ਸੀ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਵਿਧਾਨ ਸਭਾ ਵਿੱਚ ਇੱਕ ਤਾਜ਼ਾ ਕਦਮ ਦਾ ਹਵਾਲਾ ਦਿੰਦੇ ਹੋਏ ਚੋਣ ਪ੍ਰਕਿਰਿਆ ਵਿੱਚ ‘ਆਪ’ ਦੀ ਹੇਰਾਫੇਰੀ ਦੀ ਵੀ ਆਲੋਚਨਾ ਕੀਤੀ, ਜਿੱਥੇ ਇਹ ਹੁਕਮ ਦਿੱਤਾ ਗਿਆ ਸੀ ਕਿ ਕੋਈ ਵੀ ਉਮੀਦਵਾਰ ਚੋਣ ਨਿਸ਼ਾਨ ਦੀ ਵਰਤੋਂ ਕਰਕੇ ਪ੍ਰਚਾਰ ਨਹੀਂ ਕਰ ਸਕਦਾ। “ਇਹ ਇਸ ਲਈ ਹੈ ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਵਿੱਚ ‘ਆਪ’ ਦੇ ਚੋਣ ਨਿਸ਼ਾਨ ਵਾਲਾ ਕੋਈ ਵੀ ਉਮੀਦਵਾਰ ਬੁਰੀ ਤਰ੍ਹਾਂ ਹਾਰ ਜਾਵੇਗਾ। ਹੁਣ ਅਫਵਾਹਾਂ ਉੱਡ ਰਹੀਆਂ ਹਨ ਕਿ ਇੱਕ ਫਾਰਮ ਤਿਆਰ ਕੀਤਾ ਜਾ ਰਿਹਾ ਹੈ, ਜਿੱਥੇ ਜੇਤੂ ਸਰਪੰਚਾਂ ਨੂੰ ਪੁੱਛਿਆ ਜਾਵੇਗਾ ਕਿ ਉਹ ਕਿਸ ਸਿਆਸੀ ਪਾਰਟੀ ਨਾਲ ਜਾਣਗੇ ਅਤੇ ਉਨ੍ਹਾਂ ‘ਤੇ ‘ਆਪ’ ਨਾਲ ਹੱਥ ਮਿਲਾਉਣ ਲਈ ਦਬਾਅ ਬਣਾਇਆ ਜਾਵੇਗਾ। ਰਾਜਾ ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਵਚਨਬੱਧ ਹੈ ਅਤੇ ਪ੍ਰਦੇਸ਼ ਕਾਂਗਰਸ ਵੱਲੋਂ ਹੈਲਪਲਾਈਨ ਬਣਾਉਣ ਦਾ ਐਲਾਨ ਕੀਤਾ। “ਅਸੀਂ ਕਿਸੇ ਵੀ ਵਿਅਕਤੀ ਲਈ ਇੱਕ ਹੈਲਪਲਾਈਨ ਸ਼ੁਰੂ ਕੀਤੀ ਹੈ – ਭਾਵੇਂ ਉਹ ਕਾਂਗਰਸ ਨਾਲ ਜੁੜੇ ਹੋਏ ਹਨ ਜਾਂ ਨਹੀਂ – ਜੋ ਆਉਣ ਵਾਲੀਆਂ ਪੰਚਾਇਤੀ ਚੋਣਾਂ ਲਈ ਦਸਤਾਵੇਜ਼ਾਂ ਵਿੱਚ ਮੁਸ਼ਕਲ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਨੂੰ ਸਥਾਨਕ ਜ਼ਿਲ੍ਹਾ ਪੱਧਰੀ ਕਾਂਗਰਸ ਲੀਡਰਸ਼ਿਪ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਅਸੀਂ ‘ਆਪ’ ਨੂੰ ਉਨ੍ਹਾਂ ਦੀਆਂ ਕੋਝੀਆਂ ਚਾਲਾਂ ਰਾਹੀਂ ਇਨ੍ਹਾਂ ਚੋਣਾਂ ਨੂੰ ਪ੍ਰਭਾਵਿਤ ਨਹੀਂ ਹੋਣ ਦੇਵਾਂਗੇ।