ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇਅ ਉੱਤੇ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਅਤੇ ਫਗਵਾੜਾ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜੋ ਕਿ ਬੇਸਿੱਟਾ ਰਹੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਫ਼ਿਲਹਾਲ ਇਹ ਧਰਨਾ ਨਹੀਂ ਚੁੱਕਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਵਿਸ ਲਾਈਨ ਬੰਦ ਨਹੀਂ ਕੀਤੀ ਜਾਵੇਗੀ ਤੇ ਰਾਹਗੀਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕਿ ਕੱਲ੍ਹ ਤੋਂ ਹੀ ਇਸ ਹਾਈਵੇਅ ’ਤੇ ਕਿਸਾਨ ਧਰਨਾ ਲਗਾ ਕੇ ਬੈਠੇ ਹੋਏ ਹਨ, ਜਿਸ ਕਾਰਨ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ ’ਤੇ ਆਵਾਜਾਈ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ। ਉੱਧਰ ਹੁਸ਼ਿਆਰਪੁਰ-ਦਸੂਹਾ ਦੇ ਦਿੱਲੀ ਜੰਮੂ ਨੈਸ਼ਨਲ ਹਾਈਵੇਅ ‘ਤੇ ਅੱਜ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਰੋਡ ਜਾਮ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਝੋਨੇ ਦੀ ਲਿਫਟਿੰਗ ਅਤੇ ਕਮਿਸ਼ਨ ਏਜੰਟਾਂ ਵੱਲੋਂ ਕੀਤੀ ਜਾ ਰਹੀ ਲੁੱਟ ਬੰਦ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਪਰਮਿੰਦਰ ਸਿੰਘ ਭੁੱਲਾ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਭਾਰੀ ਪ੍ਰੇਸ਼ਾਨ ਕੀਤਾ ਹੈ। ਲਗਾਤਾਰ 18 ਦਿਨਾਂ ਤੋਂ ਕਿਸਾਨ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿੱਚ ਵੇਚਣ ਲਈ ਸੰਘਰਸ਼ ਕਰ ਰਹੇ ਹਨ। ਹੁਣ ਦਲਾਲਾਂ ਨੇ ਕਿਸਾਨਾਂ ਨੂੰ ਲੁੱਟਣ ਦਾ ਨਵਾਂ ਤਰੀਕਾ ਲੱਭ ਲਿਆ ਹੈ। ਕਮਿਸ਼ਨ ਏਜੰਟ ਕਿਸਾਨਾਂ ਤੋਂ 200 ਰੁਪਏ ਪ੍ਰਤੀ ਕੁਇੰਟਲ ਝੋਨੇ ਦੀ ਨਜਾਇਜ਼ ਕਟੌਤੀ ਕਰ ਰਹੇ ਹਨ, ਜੋ ਕਿ ਸਰਾਸਰ ਧੱਕਾ ਹੈ। ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਹ ਸਭ ਬੰਦ ਨਹੀਂ ਹੋ ਜਾਂਦਾ ਅਤੇ ਸਰਕਾਰ ਚੁੱਕਣਾ ਸ਼ੁਰੂ ਨਹੀਂ ਕਰਦੀ।