ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਝੋਨੇ ਦੀ ਚੁਕਾਈ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਜੇਪੀ ਪੰਜਾਬ ਦੇ ਕਿਸਾਨਾਂ ਅਤੇ ਵਪਾਰੀਆਂ ਨਾਲ ਘਟੀਆ ਦਰਜੇ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਲਈ ਕੁਰਬਾਨੀਆ ਦੇਣ ਵਾਲੇ ਅਤੇ ਅੰਨ ਪੈਦਾ ਕਰਨ ਵਾਲੇ ਪੰਜਾਬੀਆਂ ਨਾਲ ਕੇਂਦਰ ਦੀ ਭਾਜਪਾ ਸਰਕਾਰ ਨਿਆਂ ਕਰੇ ਪਰ ਪੰਜਾਬ ਦੇ ਕਿਸਾਨਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਭਾਜਪਾ ਕੋਝੀਆਂ ਹਰਕਤਾਂ ‘ਤੇ ਆ ਗਈ ਹੈ। ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਪੰਜਾਬ ਦੇ ਕਿਸਾਨ, ਮਜ਼ਦੂਰ ਅਤੇ ਹੋਰ ਵਰਗਾਂ ਨਾਲ ਗੰਦੇ ਤਰੀਕੇ ਦੀ ਸਿਆਸਤ ਕਰ ਰਹੀ ਹੈ, ਜਿਸ ਨਾਲ ਕੇਂਦਰ ਸਰਕਾਰ ਦਾ ਗੰਦਾ ਚਿਹਰਾ ਉਜਾਗਰ ਹੋਇਆ ਹੈ। ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫ਼ਸਲ ਨੂੰ ਮੰਡੀਆਂ ‘ਚ ਰੁਲ੍ਹਣ ਲਈ ਭਾਜਪਾ ਨੇ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਮਕਸਦ ‘ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਖੜ੍ਹੀ ਹੈ।