ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਦੀ ਸਾਜਿਸ਼ ਹੈ। ਸਪੀਕਰ ਸ. ਸੰਧਵਾਂ ਅਨਾਜ ਮੰਡੀ ਟਾਂਡਾ ਦੇ ਦੌਰੇ ਮੌਕੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਿਰਧਾਰਤ ਸਮੇਂ ਦੇ ਅੰਦਰ ਸ਼ੈਲਰਾਂ ‘ਚੋਂ ਚਾਵਲ ਦੀ ਚੁਕਾਈ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ, ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਕਿਸਾਨ ਸੰਕਟ ਵਿੱਚ ਘਿਰੇ ਹੋਏ ਹਨ। ਸ. ਸੰਧਵਾਂ ਨੇ ਅਨਾਜ ਮੰਡੀ ਟਾਂਡਾ ਵਿਖੇ ਆਪਣੀ ਮੌਜੂਦਗੀ ਵਿੱਚ ਝੋਨੇ ਦੀ ਲਿਫਟਿੰਗ ਕਰਵਾਈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਿੱਲ ਮਾਲਕਾਂ, ਆੜਤੀਆਂ ਤੇ ਮਜਦੂਰਾਂ ਦੇ ਸਹਿਯੋਗ ਨਾਲ ਮੰਡੀਆਂ ਵਿਚ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸਪੀਕਰ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਕੋਲੋਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਬਦਲਾ ਲੈਣ ਲਈ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਗਿਣਤੀਆਂ-ਮਿਣਤੀਆਂ ਛੱਡ ਕੇ ਪੰਜਾਬ ਵੱਲੋ ਦੇਸ਼ ਦੇ ਅੰਨ ਭੰਡਾਰ ਵਿੱਚ ਪਾਏ ਯੋਗਦਾਨ ਦੇ ਮੱਦੇਨਜ਼ਰ ਸ਼ੈਲਰਾਂ ‘ਚੋਂ ਚਾਵਲ ਚੁੱਕਵਾ ਕੇ ਤੁਰੰਤ ਰਾਹਤ ਪ੍ਰਦਾਨ ਕਰਨੀ ਯਕੀਨੀ ਬਣਾਉਣੀ ਚਾਹੀਦੀ ਹੈ।