ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਦੇ ਪਟਿਆਲਾ ਦੇ ਅਦਾਲਤ ਵਲੋ ਗਿਰਫਤਾਰੀ ਵਰੰਟ ਜਾਰੀ ਕੀਤਾ ਗਿਆ ਹੈ। ਵਿਜੀਲੈਂਸ ਨੂੰ ਚਾਹਲ ਦੀ ਗਿਰਫ਼ਤਾਰੀ ਕਰਕੇ 28 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਪਿਛਲੇ ਸਾਲ ਸਤੰਬਰ ਵਿੱਚ ਇਸ ਮਾਮਲੇ ਵਿੱਚ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਸੀ। ਇਸੇ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਚ ਭਰਤ ਇੰਦਰ ਚਾਹਲ ਨੇ ਹਾਈ ਕੋਰਟ ਵਿੱਚ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਨਜ਼ਦੀਕੀਆਂ ‘ਤੇ ਕਾਰਵਾਈ ਕਰ ਰਹੀ ਹੈ ਅਤੇ ਇਸ ਤਰ੍ਹਾਂ ਉਸ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਚਾਹਲ ਨੂੰ ਝਟਕਾ ਦਿੰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕੀਤੀ ਸੀ। ਦੱਸ ਦਈਏ ਕਿ ਹਾਈ ਕੋਰਟ ਨੇ ਹੀ ਪਿਛਲੇ ਸਾਲ 4 ਅਕਤੂਬਰ ਨੂੰ ਚਾਹਲ ਨੂੰ ਅਗਾਊਂ ਜ਼ਮਾਨਤ ਦਿੱਤੀ ਸੀ।