ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੱਡਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਬਾਗੀ ਧੜਾ ਸਿੱਖ ਕੌਮ ’ਚ ਵੰਡੀਆਂ ਪਾਉਣ ਦਾ ਕੰਮ ਨਾ ਕਰ ਰਿਹਾ ਹੈ। ਪੰਥ ਵਿਰੋਧੀ ਜਥੇਬੰਦੀਆਂ ‘SGPC ‘ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਜਪਾ ਨਾਲ ਸਾਂਝ ਪਾਉਣ ਵਾਲਿਆਂ ਦੇ ਮੇਰੇ ਕੋਲ ਪੁਖ਼ਤਾ ਸਬੂਤ ਹਨ। ਉਨ੍ਹਾਂ ਕਿਹਾ ਕਿ ਸਾਡੇ ਮੈਂਬਰਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਰ.ਐਸ.ਐਸ. ਆਪ, ਕਾਂਗਰਸ ਤੇ ਭਾਜਪਾ ਸਾਰੇ ਇਕ ਹੋ ਗਏ ਹਨ ਤੇ ਸਾਰੇ ਮਿਲ ਕੇ ਬਾਗੀ ਧੜੇ ਨੂੰ ਜਿਤਾਉਣ ਲਈ ਐਸ.ਜੀ.ਪੀ.ਸੀ. ਮੈਂਬਰਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਮੈਂਬਰਾਂ ਨੂੰ ਫ਼ੋਨ ਕਰ ਉਨ੍ਹਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 104 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਹੋ ਰਿਹਾ ਹੈ ਕਿ ਸਰਕਾਰਾਂ ਇਸ ਦੀ ਸਲਾਨਾ ਚੋਣ ਵਿਚ ਸਿੱਧੇ ਤੌਰ ’ਤੇ ਦਖਲ ਦੇ ਰਹੀਆਂ ਹਨ। ਉਨਾਂ ਕਿਹਾ ਕਿ ਆਪਣੇ ਆਪ ਨੂੰ ਸੁਧਾਰਵਾਦੀ ਦੱਸਣ ਵਾਲੇ ਸਿੱਖ ਪਰੰਪਰਾਵਾਂ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਰਕਾਰਾਂ ਜਾਂ ਸਿਆਸੀ ਆਗੂਆਂ ਦੀ ਥਾਂ ਖਾਲਸਾ ਪੰਥ ਦੇ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ। ਇਸ ਇਕੱਤਰਤਾ ਵਿਚ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਸਿੰਘ ਗੁਮਾਨਪੁਰਾ ਸਮੇਤ ਹੋਰ ਮੈਂਬਰ ਸਾਹਿਬਾਨ ਮੌਜੂਦ ਸਨ।