ਗੁਰਦਾਸਪੁਰ ਦੇ ਬਟਾਲਾ ਨੇੜਲੇ ਪਿੰਡ ਚੰਦੂ ਮੰਝ ਵਿੱਚ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ 22 ਸਾਲਾ ਅਭੈ ਦੇ ਪਿਤਾ ਦਾਨਿਸ਼ ਅਨੁਸਾਰ ਕੁਝ ਦਿਨ ਪਹਿਲਾਂ ਉਸ ਦਾ ਆਪਣੇ ਗੁਆਂਢੀ ਨਾਲ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਝਗੜੇ ਨੂੰ ਲੈ ਕੇ ਰੰਜਿਸ਼ ਕਾਰਨ ਬੁੱਧਵਾਰ ਦੇਰ ਰਾਤ ਦੋਸ਼ੀ ਨੇ ਅਭੈ ‘ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਗੁਆਂਢੀ ਨਾਲ ਹੋਏ ਝਗੜੇ ਤੋਂ ਬਾਅਦ ਪਿੰਡ ਦੀ ਪੰਚਾਇਤ ਨੇ ਦੋਵਾਂ ਧਿਰਾਂ ਨੂੰ ਬੁਲਾ ਕੇ ਸਮਝੌਤਾ ਕਰਵਾਇਆ ਸੀ ਪਰ ਇਸੇ ਰੰਜਿਸ਼ ਕਾਰਨ ਗੁਆਂਢੀ ਰਾਜਪਾਲ ਨੇ ਉਸ ਦੇ ਲੜਕੇ ਨੂੰ ਇਕੱਲਾ ਦੇਖ ਕੇ ਅਚਾਨਕ ਉਸ ‘ਤੇ ਹਮਲਾ ਕਰ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਸੁਨੀਲ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਸੀ ਥਾਣਾ ਇੰਚਾਰਜ ਕਿਲਾ ਲਾਲ ਸਿੰਘ ਪ੍ਰਭਜੋਤ ਸਿੰਘ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਨੇ ਮੁਲਜ਼ਮ ਰਾਜਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।