ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫਾ ਪਾਰਟੀ ਦੀ ਕਾਰਜਕਾਰਨੀ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਆਪਣੀ ਅਗਵਾਈ ਦੌਰਾਨ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਅਸਤੀਫਾ ਇਸ ਲਈ ਦਿੱਤਾ ਹੈ ਤਾਂ ਜੋ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਰਸਤਾ ਸਾਫ਼ ਹੋ ਸਕੇ। ਇਹ ਫੈਸਲਾ ਲੀਡਰਸ਼ਿਪ ਵਿੱਚ ਬਦਲਾਅ ਅਤੇ ਪਾਰਟੀ ਦੀ ਨਵੀਂ ਦਿਸ਼ਾ ਨੂੰ ਯਕੀਨੀ ਬਣਾਉਣ ਲਈ ਦਿੱਤਾ ਗਿਆ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਗਲਤੀਆਂ ਲਈ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਜਿਸ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਿਕਾਇਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਜੱਥੇਦਾਰ ਸਾਹਿਬ ਨੇ ਉਹਨਾਂ ਨੂੰ ਪੇਸ਼ ਹੋਣ ਲਈ ਕਿਹਾ ਸੀ। ਬੰਦੀ ਛੋੜ ਦਿਹਾੜੇ ਮੌਕੇ ਕੌਮ ਨੂੰ ਸੰਬੋਧਨ ਕਰਦਿਆਂ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਉਹਨਾਂ ਉਦੇਸ਼ਾਂ ਤੋਂ ਦੂਰ ਹੋ ਰਿਹਾ ਹੈ। ਜਿਨ੍ਹਾਂ ਉਦੇਸ਼ਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਹੋਈ ਸੀ। ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਇਸ ਸਮੇਂ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ। ਭੂੰਦੜ ਬਾਦਲ ਪਰਿਵਾਰ ਦੇ ਕਾਫ਼ੀ ਨੇੜੇ ਮੰਨੇ ਜਾਂਦੇ ਹਨ। ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਉਹਨਾਂ ਨੂੰ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਸੀ। ਹੁਣ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋਂ ਬਾਅਦ ਨਵੇਂ ਪ੍ਰਧਾਨ ਦੀ ਚੋਣ ਦਾ ਰਾਹ ਪੱਧਰਾ ਹੋ ਗਿਆ ਹੈ। ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋਂ ਬਾਅਦ ਅਕਾਲੀ ਦਲ ਦੀ ਕਾਰਜਕਾਰਨੀ ਜਲਦੀ ਹੀ ਨਵੇਂ ਪ੍ਰਧਾਨ ਦੀ ਚੋਣ ਲਈ ਮੀਟਿੰਗ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਪ੍ਰਕਿਰਿਆ ਵਿਚ ਪਾਰਟੀ ਦੀ ਨੌਜਵਾਨ ਅਤੇ ਸੀਨੀਅਰ ਪੀੜ੍ਹੀ ਵਿਚ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।