ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ‘ਚ ਡਾ. ਅੰਬੇਦਕਰ ‘ਤੇ ਦਿਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ‘ਆਪ’ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਨੇ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਮੀਟਿੰਗ ਵਿੱਚ ਦੋ ਅਹਿਮ ਗੱਲਾਂ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਅਪੀਲ ਕੀਤੀ ਕਿ ਇਹ ਮੈਮੋਰੰਡਮ ਰਾਸ਼ਟਰਪਤੀ ਨੂੰ ਭੇਜਿਆ ਜਾਵੇ ਨਾਲ ਹੀ ਅਮਿਤ ਸ਼ਾਹ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ ਨਾਲ ਹੀ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਇਆ ਜਾਵੇ। ਦੂਜਾ ਉਨ੍ਹਾਂ ਨੇ ਇਹ ਮੁੱਦਾ ਉਠਾਇਆ ਹੈ ਕਿ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਕਰੀਬ ਦਸ ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਖ਼ਰਾਬ ਹੈ। ਇਸ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਤੁਰਤ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਵਫ਼ਦ ਵਿਚ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਲ ਸਨ। ਇਸ ਤੋਂ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਅੰਬੇਦਕਰ ਦਾ ਅਪਮਾਨ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਘੇਰਿਆ ਸੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਦੇਸ਼ ਦੇ ਦਲਿਤਾਂ ਦਾ ਅਪਮਾਨ ਕੀਤਾ ਹੈ, ਸੰਸਦ ਵਿਚ ਅੰਬੇਦਕਰ ਦਾ ਮਜ਼ਾਕ ਉਡਾਉਣਾ ਦਲਿਤ ਭਾਈਚਾਰੇ ਦਾ ਮਜ਼ਾਕ ਉਡਾਉਣ ਦੇ ਬਰਾਬਰ ਹੈ। ਭਾਜਪਾ ਦੇਸ਼ ਦੇ ਸੰਵਿਧਾਨ ਅਤੇ ਅੰਬੇਦਕਰ ਨੂੰ ਨਫ਼ਰਤ ਕਰਦੀ ਹੈ। ਇਸ ਦੇ ਨਾਲ ਹੀ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਨੂੰ ਇਸ ਲਈ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।