ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੋੜਾ ਘਰ ਵਿਖੇ ਜੋੜੇ ਸਾਫ ਕਰਨ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਜੂਠੇ ਬਰਤਨ ਮਾਂਜਣ ਦੀ ਆਪਣੀ ਸੇਵਾ ਕੀਤੀ। ਇਹ ਹੁਕਮ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੇ ਗਏ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ੍ਰੀ ਅਕਾਲ ਤਖਤ ਵਿਖੇ ਪੰਜ ਪਿਆਰਿਆਂ ਦੇ ਸਨਮੁੱਖ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇਸ ਦੌਰਾਨ ਪੰਜ ਪਿਆਰਿਆਂ ਨੇ ਐਡਵੋਕੇਟ ਧਾਮੀ ਨੂੰ ਇੱਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਹੈ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ ਕੀਤੀ। ਦੱਸ ਦੇਈਏ ਕਿ ਬੀਬੀ ਜਗੀਰ ਕੌਰ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵਰਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਜੋ ਨੋਟਿਸ ਜਾਰੀ ਕੀਤਾ ਗਿਆ ਸੀ ਉਸ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਕਮਿਸ਼ਨ ਅੱਗੇ ਵੀ ਪੇਸ਼ ਹੋਏ ਸਨ ਅਤੇ ਆਪਣੇ ਸਪੱਸ਼ਟੀਕਰਨ ਵਿਚ ਮੁਆਫੀ ਮੰਗੀ ਸੀ।