ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਸ਼ਨੀਵਾਰ ਨੂੰ ਪੰਜ ਤੱਤਾਂ ਵਿਚ ਵਿਲੀਨ ਹੋ ਗਏ। ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਨੂੰ ਨਵੀਂ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀ ਧੀ ਨੇ ਉਨ੍ਹਾਂ ਨੂੰ ਮੁਖਾਗਨੀ ਦਿੱਤੀ। ਉਨ੍ਹਾਂ ਨੂੰ ਅੰਤਿਮ ਵਿਦਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਨਿਗਮ ਬੋਧ ਘਾਟ ‘ਤੇ ਮੌਜੂਦ ਰਹੇ। ਉਨ੍ਹਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪਰਾਸ਼ਟਰਪਤੀ ਜਗਦੀਪ ਧਨਖੜ, ਪੀ.ਐੱਮ. ਮੋਦੀ, ਰਾਹੁਲ ਗਾਂਧੀ, ਸੋਨੀਆ ਗਾਂਧੀ ਸਣੇ ਕਈ ਨੇਤਾਵਾਂ ਨੇ ਡਾਕਟਰ ਸਾਬ੍ਹ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਭੂਟਾਨ ਦੇ ਰਾਜੇ ਨੇ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਅਮਿਤ ਸ਼ਾਹ, ਰਾਜਨਾਥ ਸਿੰਘ, ਲੋਕ ਸਭਾ ਸਪੀਕਰ ਓਮ ਬਿਰਲਾ, ਜੇਪੀ ਨੱਡਾ, ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ ਸਮੇਤ ਕਈ ਨੇਤਾਵਾਂ ਨੇ ਸਾਬਕਾ ਪੀਐੱਮ ਨੂੰ ਸ਼ਰਧਾਂਜਲੀ ਦਿੱਤੀ।ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ ਨੇ ਆਪਣੇ ਲੰਮੇ ਸਿਆਸੀ ਜੀਵਨ ਦੌਰਾਨ ਦੇਸ਼ ਨੂੰ ਕਈ ਇਤਿਹਾਸਕ ਸੁਧਾਰ ਅਤੇ ਯੋਜਨਾਵਾਂ ਦਿੱਤੀਆਂ, ਜਿਨ੍ਹਾਂ ਦਾ ਅਸਰ ਅੱਜ ਵੀ ਦੇਖਿਆ ਜਾ ਸਕਦਾ ਹੈ। ਡਾ. ਸਾਬ੍ਹ ਦੀ ਸਰਕਾਰ ਨੇ ਹਰ 6 ਤੋਂ 14 ਸਾਲ ਦੀ ਉਮਰ ਦੇ ਬੱਚੇ ਨੂੰ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਦਿੱਤਾ ਹੈ। ਇਹ ਕਾਨੂੰਨ ਬੱਚਿਆਂ ਨੂੰ ਉਨ੍ਹਾਂ ਦੇ ਮੌਲਿਕ ਅਧਿਕਾਰ ਦਿਵਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋਇਆ। ਉਨ੍ਹਾਂ ਦੀ ਸਰਕਾਰ ਨੇ ਦੇਸ਼ਵਾਸੀਆਂ ਨੂੰ ਸੂਚਨਾ ਦਾ ਅਧਿਕਾਰ (2005) ਦਿੱਤਾ, ਜਿਸ ਨੇ ਹਰ ਭਾਰਤੀ ਨਾਗਰਿਕ ਨੂੰ ਸਰਕਾਰੀ ਸੂਚਨਾਵਾਂ ਤੱਕ ਪਹੁੰਚ ਕਰਨ ਦਾ ਅਧਿਕਾਰ ਦਿੱਤਾ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਗਿਆ ਹੈ। ਡਾ: ਮਨਮੋਹਨ ਸਿੰਘ ਦੀ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ ਲਾਗੂ ਕੀਤਾ, ਜਿਸ ਨੇ ਹਰ ਪੇਂਡੂ ਪਰਿਵਾਰ ਨੂੰ ਸਾਲ ਵਿੱਚ 100 ਦਿਨ ਰੁਜ਼ਗਾਰ ਦਾ ਅਧਿਕਾਰ ਦਿੱਤਾ। ਉਨ੍ਹਾਂ ਦੀ ਸਰਕਾਰ ਨੇ ਵਿਕਾਸ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ‘ਤੇ ਪ੍ਰਭਾਵਿਤ ਲੋਕਾਂ ਨੂੰ ਉਚਿਤ ਮੁਆਵਜ਼ਾ ਯਕੀਨੀ ਬਣਾਇਆ ਸੀ।