ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਹਰ ਖੇਤ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਹੈ, ਅਤੇ ਇਸ ਖੇਤਰ ’ਚ ਸਰਕਾਰ ਨੇ ਕਾਮਯਾਬੀ ਦੇ ਨਵੇਂ ਝੰਡੇ ਗੱਡੇ ਹਨ। ਪਿਛਲੇ ਦਿਨੀਂ ਸਾਹਮਣੇ ਆਈ ਕੇਂਦਰੀ ਗਰਾਊਂਡ ਵਾਟਰ ਬੋਰਡ-2024 ਦੀ ਤਾਜ਼ਾ ਰਿਪੋਰਟ ’ਚ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ਵਿੱਚ ਵਰ੍ਹਿਆਂ ਤੋਂ ਲਗਾਤਾਰ ਹੇਠਾਂ ਜਾ ਰਹੇ ਪਾਣੀ ਨੂੰ ਹੁਣ ਠੱਲ੍ਹ ਪਈ ਹੈ। ਇਸ ਸੁਧਾਰ ’ਚ ਪਿਛਲੇ ਵਰ੍ਹੇ ਪੰਜਾਬ ਵਿਚ ਹੜ੍ਹ ਆਉਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਵਾਸਤੇ ਚੁੱਕੇ ਕਦਮਾਂ ਨੇ ਵੱਡਾ ਯੋਗਦਾਨ ਪਾਇਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੜ੍ਹਬਾ ਵਿਖੇ ਸਬ ਡਵੀਜ਼ਨਲ ਕੰਪਲੈਕਸ ਦੇ ਉਦਘਾਟਨ ਮੌਕੇ ਕਿਹਾ ਸੀ ਕਿ ਪੰਜਾਬ ਵਿਚ ਖੇਤੀ ਲਈ ਹੁਣ 84 ਫ਼ੀਸਦ ਨਹਿਰੀ ਪਾਣੀ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਉਨ੍ਹਾਂ ਦੀ ਸਰਕਾਰ ਆਉਣ ਤੋਂ ਪਹਿਲਾਂ 21 ਫ਼ੀਸਦ ਹੀ ਸੀ। ਉਨ੍ਹਾਂ ਕਿਹਾ ਕਿ ਅਜਿਹਾ ਉਨ੍ਹਾਂ ਦੀ ਸਰਕਾਰ ਵੱਲੋਂ ਪੁਰਾਣੀਆਂ ਕੱਸੀਆਂ, ਰਜਵਾਹੇ, ਸੂਏ ਲੱਭ ਕੇ, ਮੋਘੇ ਬਣਾ ਕੇ ਮੁੜ ਚਾਲੂ ਕਰਵਾਉਣ ਨਾਲ ਸੰਭਵ ਹੋ ਸਕਿਆ ਹੈ। ਰਿਪੋਰਟ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ, ਜਿਸ ਦਾ ਆਧਾਰ 2023 ਵਿੱਚ ਪਾਣੀਆਂ ਦੀ ਨਾਪੀ ਮਿਕਦਾਰ ਨੂੰ ਬਣਾਇਆ ਹੈ। ਤਾਜ਼ਾ ਪ੍ਰਗਟਾਵੇ ਅਨੁਸਾਰ ਸੂਬੇ ਦੇ 63 ਬਲਾਕ ਅਜਿਹੇ ਹਨ ਜਿੱਥੇ ਜ਼ਮੀਨੀ ਪਾਣੀ ਦੇ ਨਿਕਾਸ ਦਾ ਪੁੱਠਾ ਗੇੜਾ ਸ਼ੁਰੂ ਹੋਇਆ ਹੈ ਅਤੇ ਹਰ ਸਾਲ ਹੇਠਾਂ ਜਾ ਰਹੇ ਪਾਣੀ ਨੂੰ ਠੱਲ੍ਹ ਪਈ ਹੈ। ਸਾਲ 2001-02 ਤੋਂ ਨਰਮਾ ਪੱਟੀ ਵਾਲੇ ਦਰਜਨਾਂ ਬਲਾਕਾਂ ਦਾ ਧਰਤੀ ਹੇਠਲਾ ਪਾਣੀ ਲਗਾਤਾਰ ਹੇਠਾਂ ਜਾ ਰਿਹਾ ਸੀ। ਪੰਜਾਬ ਦੇ ਲਗਭਗ 16 ਬਲਾਕ ਅਜਿਹੇ ਹਨ ਜਿੱਥੇ 20 ਫ਼ੀਸਦੀ ਤੋਂ ਵੱਧ ਪਾਣੀ ਦੀ ਸਤਹ ਨੂੰ ਮੋੜਾ ਪਿਆ ਹੈ। ਸੂਬੇ ਵਿਚ ਕੁੱਲ 153 ਬਲਾਕ ਹਨ ਜਿਨ੍ਹਾਂ ਦੀ ਜ਼ਮੀਨੀ ਪਾਣੀ ਦੀ ਮਿਕਦਾਰ ਨੂੰ ਸਾਲ ਵਿਚ ਦੋ ਵਾਰ ਮਾਪਿਆ ਜਾਂਦਾ ਹੈ। ਪਿਛਲੇ ਸਾਲ ਸਲਾਨਾ 18.84 ਅਰਬ ਕਿਊਬਿਕ ਮੀਟਰ ਪਾਣੀ ਦਾ ਰੀਚਾਰਜ ਸੀ ਜੋ ਐਤਕੀਂ ਵਧ ਕੇ 19.19 ਅਰਬ ਕਿਊਬਿਕ ਮੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ’ਚ ਨਹਿਰੀ ਪਾਣੀ ਦੇ ਪ੍ਰਾਜੈਕਟਾਂ ਦੇ ਉਦਘਾਟਨ ਅਤੇ ਸ਼ੁਰੂ ਕਰਨ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ। ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਪਿੰਡਾਂ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਲਈ ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਲਿਫਟ ਸਿੰਜਾਈ ਯੋਜਨਾ ਪੰਜਾਬ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਯੋਜਨਾ ਹੈ। 10 ਪੰਪ ਸੈੱਟਾਂ ਰਾਹੀਂ ਚੰਗਰ ਦੇ ਇਲਾਕੇ ਦੇ ਖੇਤੀ ਅਧੀਨ 3300 ਏਕੜ ਰਕਬੇ ਨੂੰ ਸਿੰਚਾਈ ਵਾਸਤੇ ਪਾਣੀ ਮਿਲੇਗਾ। ਇਹ ਪ੍ਰੋਜੈਕਟ ਨੂੰ ਛੇ ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ। ਚੰਗਰ ਦੇ ਇਲਾਕੇ ਵਿੱਚ ਦੋ ਦਹਾਕਿਆਂ ਤੋ ਵੱਧ ਸਮੇਂ ਤੋਂ ਬੰਦ ਪਏ ਚਾਰ ਡੂੰਘੇ ਟਿਊਬਵੈਲ ਮੁੜ ਚਾਲੂ ਕੀਤੇ ਗਏ ਹਨ ਅਤੇ ਦੋ ਹੋਰ ਨਵੇਂ ਟਿਊਬਵੈਲ ਲਗਾਏ ਗਏ ਹਨ। ਇਸ ਤੋਂ ਇਲਾਵਾ ਮੋਗਾ ਜ਼ਿਲ੍ਹੇ ਦੇ ਪਿੰਡ ਕਾਲੀਆਂ ਵਾਲਾ ਵਿਖੇ ਨਹਿਰੀ ਪਾਣੀ ਪ੍ਰਾਜੈਕਟ ਦੇ ਕੰਮ ਦਾ ਉਦਘਾਟਨ ਵੀ ਕੀਤਾ ਗਿਆ, ਜਿਸ ਨਾਲ ਪਿੰਡ ਦੌਲਤਪੁਰਾ ਉਂਚਾ, ਕਾਲੀਆਂ ਵਾਲਾ, ਪੰਡੋਰੀ ਖਟਾਰੀਆ ਅਤੇ ਦੌਲਤਪੁਰਾ ਫੰਡਾ ਦੇ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਪਾਣੀ ਮਿਲੇਗਾ। ਇਸ ਨਹਿਰੀ ਪਾਣੀ ਦੀ ਪਾਈਪ ਲਾਈਨ ਦੀ ਕੁੱਲ ਲੰਬਾਈ 11 ਕਿਲੋਮੀਟਰ ਹੈ। ਜਿਸ ਕਾਰਨ ਆਸ-ਪਾਸ ਦੇ 625 ਏਕੜ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ।