4 ਜਨਵਰੀ ਨੂੰ ਹੰਢਿਆਇਆ (ਬਰਨਾਲਾ) ਕੋਲ ਬੱਸ ਹਾਦਸੇ ’ਚ ਜ਼ਖ਼ਮੀ ਹੋਏ ਕਿਸਾਨ ਆਗੂ ਬਸੰਤ ਸਿੰਘ ਕੋਠਾ ਗੁਰੂ ਦੀ ਬੀਤੀ ਰਾਤ ਸਥਾਨਕ ਏਮਜ਼ ਹਸਪਤਾਲ ਵਿੱਚ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹਾਦਸੇ ’ਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਵਧ ਕੇ 4 ਹੋ ਗਈ ਹੈ। ਜ਼ਿਕਰਯੋਗ ਹੈ ਕਿ 4 ਜਨਵਰੀ ਨੂੰ ਟੋਹਾਣਾ (ਹਰਿਆਣਾ) ਵਿਖੇ ‘ਕਿਸਾਨ ਮਹਾ ਪੰਚਾਇਤ’ ਵਿੱਚ ਸ਼ਾਮਿਲ ਹੋਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਵਰਕਰਾਂ ਦੀ ਪਿੰਡ ਕੋਠਾ ਗੁਰੂ (ਬਠਿੰਡਾ) ਤੋਂ ਚੱਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਹਾਦਸੇ ’ਚ ਪਿੰਡ ਕੋਠਾ ਗੁਰੂ ਦੀਆਂ ਤਿੰਨ ਔਰਤਾਂ ਸਰਬਜੀਤ ਕੌਰ, ਜਸਵੀਰ ਕੌਰ ਅਤੇ ਬਲਵੀਰ ਕੌਰ ਦੀ ਮੌਤ ਹੋ ਗਈ ਸੀ। ਇਸੇ ਬੱਸ ’ਚ ਸਵਾਰ ਬਸੰਤ ਸਿੰਘ ਦੀ ਰੀੜ੍ਹ ਦੀ ਹੱਡੀ ਦੇ ਮਣਕੇ ਟੁੱਟ ਗਏ ਸਨ ਅਤੇ ਉਨ੍ਹਾਂ ਦਾ ਏਮਜ਼ ’ਚ ਇਲਾਜ ਚਲ ਰਿਹਾ ਸੀ।