ਪੰਜਾਬ ਵਿਚ ਅੱਜ ਤੋਂ ਅਗਲੇ ਪੰਜ ਦਿਨਾਂ ਤਕ ਡੀਸੀ ਦਫ਼ਤਰਾਂ ਵਿਚ ਕੰਮਕਾਜ ਠੱਪ ਰਹੇਗਾ। ਦਰਅਸਲ, ਡੀਸੀ ਦਫ਼ਤਰ ਵਿਚ ਕੰਮ ਕਰਦੇ ਮੁਲਾਜ਼ਮ ਤਿੰਨ ਦਿਨਾਂ ਤੋਂ ਹੜਤਾਲ ’ਤੇ ਹਨ ਅਤੇ ਸਨਿਚਰਵਾਰ-ਐਤਵਾਰ ਨੂੰ ਦਫ਼ਤਰ ਵਿਚ ਛੁੱਟੀ ਹੁੰਦੀ ਹੈ। ਹੜਤਾਲ ਕਾਰਨ ਤਹਿਸੀਲਾਂ ਵਿਚ ਰਜਿਸਟਰੀ ਦੇ ਕੰਮ ਦੇ ਨਾਲ-ਨਾਲ ਹੋਰ ਦਫ਼ਤਰੀ ਕੰਮ ਵੀ ਬੰਦ ਰਹਿਣਗੇ। ਮੁਲਾਜ਼ਮਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨ ਲੈਂਦੀ ਹੈ ਤਾਂ ਸੋਮਵਾਰ ਤੋਂ ਮੁੜ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ। ਡੀਸੀ ਦਫ਼ਤਰ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਾਰੇ ਜ਼ਿਲ੍ਹਿਆਂ ਵਿਚ ਰੋਸ ਪ੍ਰਦਰਸ਼ਨ ਕਰਨਗੇ। ਇਸ ਕਾਰਨ ਕੰਮ ਠੱਪ ਰਹੇਗਾ। ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਵਲ ਕੋਈ ਧਿਆਨ ਨਹੀਂ ਦੇ ਰਹੀ। ਇਸ ਕਾਰਨ ਹੜਤਾਲ ’ਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ। ਮੁਲਾਜ਼ਮ ਯੂਨੀਅਨ ਨੇ 15 ਤੋਂ 17 ਜਨਵਰੀ ਤਕ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜੇਕਰ ਇਸ ਸੰਘਰਸ਼ ਤੋਂ ਬਾਅਦ ਵੀ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਸਬੰਧੀ ਅਗਲਾ ਐਲਾਨ 18 ਜਨਵਰੀ ਨੂੰ ਕੀਤਾ ਜਾਵੇਗਾ। ਇਸ ਹੜਤਾਲ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।