ਖਨੌਰੀ ਬਾਰਡਰ ‘ਤੇ 111 ਕਿਸਾਨ ਮਰਨ ਵਰਤ ‘ਤੇ ਬੈਠੇ, ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਹੋ ਰਹੀ ਲਗਾਤਾਰ ਖ਼ਰਾਬ

ਖਨੌਰੀ ਬਾਰਡਰ ਉੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਜਾਰੀ ਹੈ। ਡੱਲੇਵਾਲ ਦਾ ਮਰਨ 51ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜੀ ਜਾ ਰਹੀ ਹੈ। ਉਥੇ ਹੀ ਅੱਜ 111 ਕਿਸਾਨ ਮਰਨ ਵਰਤ ਉੱਤੇ ਬੈਠ ਗਏ ਹਨ। ਪੁਲਿਸ ਦੀ ਬੈਰੀਕੇਡਿੰਗ ਕੋਲ ਬੈਠੇ ਹਨ। ਇਸ ਮੌਕੇ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਨੇ ਕਾਲੇ ਰੰਗ ਦੇ ਕੱਪੜੇ ਪਾ ਕੇ ਮਰਨ ਵਰਤ ਸ਼ੁਰੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਧਰਨੇ ਵਾਲੀ ਥਾਂ ਤੋਂ ਹਰਿਆਣਾ ਬਾਰਡਰ ਤੱਕ ਕਿਸਾਨ ਜਾਣਗੇ। ਸੁਪਰੀਮ ਕੋਰਟ 51 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਸਬੰਧੀ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਤੋਂ ਰਾਏ ਮੰਗੇਗਾ। ਬੁੱਧਵਾਰ ਨੂੰ ਹੋਈ ਸੁਣਵਾਈ ਵਿੱਚ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਹੁਣ ਤੱਕ ਦੀ ਡਾਕਟਰੀ ਜਾਂਚ ਦੀਆਂ ਸਾਰੀਆਂ ਰਿਪੋਰਟਾਂ ਮੰਗੀਆਂ ਹਨ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਡੱਲੇਵਾਲ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ ਪਰ ਜਦੋਂ ਸੁਪਰੀਮ ਕੋਰਟ ਨੇ ਇਸ ਬਾਰੇ ਪੁੱਛਿਆ ਤਾਂ ਕਿਹਾ ਕਿ ਉਸਦੀ ਹਾਲਤ ਸਥਿਰ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐਨਕੇ ਸਿੰਘ ਦੇ ਬੈਂਚ ਸਾਹਮਣੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਡੱਲੇਵਾਲ ਬਾਰੇ ਪ੍ਰਗਤੀ ਹੋ ਰਹੀ ਹੈ। ਸਾਡੀ ਟੀਮ ਉਨ੍ਹਾਂ ਤੋਂ ਸਿਰਫ਼ 10 ਮੀਟਰ ਦੀ ਦੂਰੀ ‘ਤੇ ਹੈ। ਇਸ ‘ਤੇ ਜਸਟਿਸ ਸੂਰਿਆਕਾਂਤ ਨੇ ਪੁੱਛਿਆ ਕਿ ਤੁਸੀਂ ਕਹਿ ਰਹੇ ਹੋ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਡਾਕਟਰ ਉੱਥੇ ਹੈ। ਇਸ ‘ਤੇ ਕਪਿਲ ਸਿੱਬਲ ਨੇ ਜਵਾਬ ਦਿੱਤਾ ਕਿ ਡੱਲੇਵਾਲ ਨੇ ਸਾਨੂੰ ਖੂਨ ਦੀ ਜਾਂਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ‘ਤੇ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਕੁਝ ਲੋਕ ਉਨ੍ਹਾਂ (ਡਲੇਵਾਲ) ‘ਤੇ ਦਬਾਅ ਪਾ ਰਹੇ ਹਨ ਕਿ ਉਹ ਇਸ ਗੱਲ ਦਾ ਵਿਰੋਧ ਨਾ ਕਰਨ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਸਿੱਬਲ ਨੇ ਫਿਰ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋ ਰਿਹਾ ਸੀ ਪਰ ਪੰਜਾਬ ਦੇ ਮੁੱਖ ਸਕੱਤਰ ਦੇ ਹਲਫ਼ਨਾਮੇ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਤੋਂ ਪਹਿਲਾਂ ਅਤੇ ਬਾਅਦ ਦੀ ਤੁਲਨਾਤਮਕ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।ਜਦੋਂ ਕਿ ਡੱਲੇਵਾਲ ਨੂੰ ਪੀਣ ਵਾਲੇ ਪਾਣੀ ਦੀ ਮੁਸ਼ਕਲ ਆ ਰਹੀ ਹੈ। ਉਹ ਜੋ ਵੀ ਪਾਣੀ ਪੀਂਦਾ ਹੈ, ਉਹ ਤੁਰੰਤ ਉਲਟੀਆਂ ਰਾਹੀਂ ਬਾਹਰ ਆ ਜਾਂਦਾ ਹੈ। ਮੰਗਲਵਾਰ ਨੂੰ ਪਟਿਆਲਾ ਤੋਂ ਸਰਕਾਰੀ ਡਾਕਟਰਾਂ ਦੀ ਇੱਕ ਟੀਮ ਨੇ ਡੱਲੇਵਾਲ ਦੀ ਜਾਂਚ ਕੀਤੀ।

Leave a Reply

Your email address will not be published. Required fields are marked *