ਨਵਾਂਸ਼ਹਿਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਦੌਰਾਨ ਭਗਵੰਤ ਮਾਨ ਅਤੇ ਮਨੀਸ਼ ਸਿਸੋਸੀਆ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਗਈ। ਸੀਐਮ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਵਿਚ ਹੁਣ ਨਵੀਂ ਸਿੱਖਿਆ ਕ੍ਰਾਂਤੀ ਤੇ ‘ਯੁੱਧ ਨਸ਼ਿਆਂ ਵਿਰੁਧ” ਦੀ ਸ਼ੁਰੂਆਤ ਹੋ ਚੁੱਕੀ ਹੈ। ਹਰ ਰੋਜ਼ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚੱਲ ਰਹੇ ਹਨ। ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਮੰਤਰੀ ਹੋਵੇ ਜਾਂ ਸੰਤਰੀ ਸਾਰਿਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇਗੀ, ਜਿਨ੍ਹਾਂ ਨੇ ਲੋਕਾਂ ਦੇ ਘਰਾਂ ਵਿਚ ਸੱਥਰ ਵਿਛਾਏ ਨੇ ਉਹ ਆਪ ਕਿਵੇਂ ਘਰਾਂ ਵਿਚ ਦੀਪਮਾਲਾ ਕਰਨਗੇ, ਇਹ ਨਹੀਂ ਹੋਣ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੇ ਬੱਚਿਆਂ ਨਾਲ ਧੋਖਾ ਕੀਤਾ, ਉਨ੍ਹਾਂ ਦੀ ਪੜ੍ਹਾਈ ਖੋਹੀ ਉਹ ਵੀ ਪਾਪ ਹੈ , ਜਿਨ੍ਹਾਂ ਨੇ ਗੁਰੂ ਸਾਹਿਬ ਦੀਆਂ ਬੇਅਦਬੀਆਂ ਕਰਵਾਈਆਂ ਉਹ ਵੀ ਪਾਪ ਹੈ, ਫਿਰ ਪਾਪਾਂ ਦੇ ਨਤੀਜੇ ਇਥੇ ਹੀ ਭੁਗਤੀ ਜਾਂਦੈ ਨੇ, ਉਨ੍ਹਾਂ ਨੂੰ ਸਜ਼ਾ ਪਹਿਲਾਂ ਲੋਕਾਂ ਨੇ ਦਿੱਤੀ, ਹੁਣ ਪ੍ਰਮਾਤਮਾ ਨੇ ਦੇ ਦਿੱਤੀ। ਸੀਐਮ ਮਾਨ ਨੇ ਬੋਲਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ਾਂ ਵਿਚ ਭੇਜਿਆ ਜਾ ਰਿਹਾ ਹੈ। ਪੰਜਾਬ ਵਿਚ ਵੀ ਹੁਣ ਲੋਕਾਂ ਵਿਚਾਲੇ ਸਰਕਾਰੀ ਸਕੂਲਾਂ ਦੀ ਚਰਚਾ ਹੋ ਰਹੀ ਹੈ। ਪੰਜਾਬ ਵਿਚ ਹੁਣ ਤੱਕ ਬਿਨਾਂ ਸਿਫ਼ਾਰਿਸ਼ ਦੇ 54,003 ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਨਿਯੁਕਤੀ ਪੱਤਰ ਦਿੱਤੇ ਜਾਣਗੇ।