ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸੀਬਤ ਵਿੱਚ ਫਸ ਗਏ ਹਨ। ਉਨ੍ਹਾਂ ਵਿਰੁਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫ਼ਆਈਆਰ ਦਰਜ ਕੀਤੀ ਗਈ ਹੈ। ਬਾਜਵਾ ਵਿਰੁਧ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਪੁਲਿਸ ਅੱਜ ਮੋਹਾਲੀ ਵਿੱਚ ਉਸ ਤੋਂ ਪੁੱਛਗਿੱਛ ਕਰ ਸਕਦੀ ਹੈ। ਦੂਜੇ ਪਾਸੇ, ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਬਾਜਵਾ ਦੇ ਸਮਰਥਨ ਵਿੱਚ ਆ ਗਏ ਹਨ। ਉਨ੍ਹਾਂ ਸਰਕਾਰ ਦੀ ਇਸ ਕਾਰਵਾਈ ਨੂੰ ਗ਼ਲਤ ਦੱਸਿਆ ਹੈ। ਇਸ ਦੇ ਨਾਲ ਹੀ ਸਾਬਕਾ ਡਿਪਟੀ ਸੀਐਮ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਰਕਾਰ ਨੂੰ ਘੇਰਿਆ ਹੈ ਅਤੇ ਪੁੱਛਿਆ ਹੈ ਕਿ ਕੀ ਲਾਰੈਂਸ ਦਾ ਲਾਈਵ ਇੰਟਰਵਿਊ ਜੇਲ ਦੇ ਅੰਦਰੋਂ ਕੀਤਾ ਗਿਆ ਸੀ। ਕੀ ਤੁਸੀਂ ਉਸ ਚੈਨਲ ਦੇ ਐਂਕਰ ਤੋਂ ਸਰੋਤ ਬਾਰੇ ਪੁੱਛਿਆ ਸੀ?” ਇਹ ਵਿਵਾਦ ਵੀ ਬਹੁਤ ਦਿਲਚਸਪ ਹੈ। ਬਾਜਵਾ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਦੋਂ ਐਂਕਰ ਨੇ ਉਨ੍ਹਾਂ ਨੂੰ ਸੂਬੇ ਦੀ ਸੁਰੱਖਿਆ ਨਾਲ ਜੁੜੇ ਮੁੱਦੇ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ, “ਪੰਜਾਬ ਵਿੱਚ 50 ਬੰਬ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਹੋ ਚੁੱਕੀ ਹੈ, ਜਦੋਂ ਕਿ 32 ਬਾਕੀ ਹਨ।” ਐਤਵਾਰ ਨੂੰ ਸ਼ੋਅ ਤੋਂ ਪਹਿਲਾਂ ਜਿਵੇਂ ਹੀ ਇਸ ਦਾ ਟੀਜ਼ਰ ਚੱਲਣਾ ਸ਼ੁਰੂ ਹੋਇਆ, ਸਰਕਾਰ ਨੇ ਖੁਦ ਇਸ ਮਾਮਲੇ ਦਾ ਨੋਟਿਸ ਲੈ ਲਿਆ।