ਚੰਡੀਗੜ੍ਹ, 29 ਜੂਨ – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਚੰਡੀਗੜ ਵਿਖੇ ਪੱਤਰਕਾਰ ਵਾਰਾਤਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਬਣਾਈ ਜਾਂਦੀ ਹੈ ਪਰੰਤੂ ਇਸ ਦੇ ਬਾਵਜੂਦ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਵਿਚ ਹੈ ਕਿਉਕਿ ਪੰਜਾਬ ਸਰਕਾਰ ਅਤੇ ਬਿਜਲੀ ਕੰਪਨੀਆ ਮਿਲੀਆਂ ਹੋਈਆਂ ਹਨ। ਦਿੱਲੀ ‘ਚ ਬਿਜਲੀ ਨਾ ਬਣਨ ਦੇ ਬਾਵਜੂਦ ਦੇਸ਼ ਦੀ ਸਭ ਤੋਂ ਸਸਤੀ ਬਿਜਲੀ ਦਿੱਲੀ ਵਿਚ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ, ਜਦਕਿ ਬਿਜਲੀ ਦੇ ਪੁਰਾਣੇ ਸਾਰੇ ਬਿੱਲ ਮਾਫ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ‘ਤੇ 24 ਘੰਟੇ ਬਿਜਲੀ ਦੀ ਸਪਲਾਈ ਦੇਣ ਅਤੇ ਬਿਜਲੀ ਦਾ ਬਿੱਲ ਨਾ ਦੇਣ ਕਾਰਨ ਕੱਟੇ ਬਿਜਲੀ ਦੇ ਕੁਨੈਕਸ਼ਨ ਬਹਾਲ ਕਰਨ ਦਾ ਵੀ ਐਲਾਨ ਕੀਤਾ।