ਫਗਵਾੜਾ, 3 ਜੁਲਾਈ (ਐੱਚ,ਐੱਸ.ਰਾਣਾ) – ਮੀਰੀ ਪੀਰੀ ਦੇ ਮਾਲਿਕ ਧੰਨ ਧੰਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਆਰੰਭ ਹੋਇਆ ਜੋ ਕਿ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਅਤੇ ਮੁਹੱਲਿਆ ਵਿੱਚੋ ਦੀ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਬਹੁਤ ਹੀ ਖੂਬਸੂਰਤ ਫੁੱਲਾਂ ਨਾਲ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦੌਰਾਨ ਜਿੱਥੇ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੋਹਰ ਦਿਖਾਏ ਗਏ ਉਥੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦੇ ਪਿੱਛੇ ਪਿੱਛੇ ਸੰਗਤਾਂ ਕੀਰਤਨ ਸਰਵਨ ਕਰਦੀਆ ਹੋਈਆ ਚੱਲ ਰਹੀਆ ਸਨ। ਇਸ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਥਾਂ ਥਾਂ ‘ਤੇ ਨਿੱਘਾ ਸਵਾਗਤ ਕਰਦਿਆ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਲਈ ਲੰਗਰ ਵੀ ਲਗਾਏ ਗਏ। ਸੰਗਤਾਂ ਵੱਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਉੱਪਰ ਫੁੱਲਾਂ ਦੀ ਵਰਖਾ ਕਰਦਿਆ ਪੰਜ ਪਿਆਰਿਆ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਪਹੁੰਚ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਮੱਥਾ ਟੇਕਿਆ।