ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ 21 ਅਕਤੂਬਰ ਤੋਂ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਹੜਤਾਲ ਨੂੰ ਲਗਾਤਾਰ ਵੀ ਜਾਰੀ ਰੱਖਿਆ ਜਾ ਸਕਦਾ ਹੈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਤਿੰਨ ਮੁੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਠੇਕੇਦਾਰੀ ਸਿਸਟਮ ਖ਼ਤਮ ਕਰ ਕੇ ਸਮੂਹ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਰੱਖਣਾ, ਵੱਖ-ਵੱਖ ਸੰਘਰਸ਼ਾਂ ਦੌਰਾਨ ਮੁਲਾਜ਼ਮਾਂ ਵਿਰੁੱਧ ਦਰਜ ਕੀਤੇ ਗਏ ਕੇਸ ਰੱਦ ਕਰਨਾ ਅਤੇ ਪਨਬੱਸ ਵਿੱਚ ਸਰਵਿਸ ਰੂਲ ਬਣਾਉਣ ਤੋਂ ਬਾਅਦ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਲ ਹੈ।