ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ’ਤੇ ਬੋਲੇ ਡੀ.ਜੀ.ਪੀ. ਗੌਰਵ ਯਾਦਵ

ਜਲੰਧਰ ਦੇ ਪੀ.ਏ.ਪੀ. ਪਹੁੰਚੇ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਨਸ਼ਿਆਂ ਸਬੰਧੀ ਅੰਕੜੇ ਪੇਸ਼ ਕਰਦਿਆਂ ਸਰਕਾਰ ਦੇ ਨਵੇਂ ਮਿਸ਼ਨ ਬਾਰੇ ਜਾਣਕਾਰੀ ਦਿੱਤੀ। ਡੀ.ਜੀ.ਪੀ. ਨੇ ਕਿਹਾ ਕਿ ਹੁਣ ਹਰ ਸ਼ਹਿਰ ਅਤੇ ਪਿੰਡ ਵਿੱਚ ਨਸ਼ਿਆਂ ਦੇ ਹੌਟਸਪੌਟਸ ਦੀ ਪਛਾਣ ਕਰਕੇ ਉੱਥੇ ਪੁਲਿਸ ਦੇ ਨਾਲ-ਨਾਲ ਸਿਵਲ ਅਧਿਕਾਰੀ ਵੀ ਤਾਇਨਾਤ ਕੀਤੇ ਜਾਣਗੇ। ਪੰਜਾਬ ਸਰਕਾਰ ਨੇ ਇਸ ਸਬੰਧੀ 60 ਦਿਨਾਂ ਦਾ ਵਿਸ਼ੇਸ਼ ਅਭਿਆਨ ਤਿਆਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਇਸ ਮੁਹਿੰਮ ਵਿੱਚ ਪੁਲਿਸ ਦੇ ਨਾਲ ਸਿਹਤ, ਸਿੱਖਿਆ ਅਤੇ ਖੇਡ ਵਿਭਾਗਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਯੋਜਨਾ ਤਹਿਤ ਸਭ ਤੋਂ ਪਹਿਲਾਂ ਨਸ਼ਿਆਂ ਦੇ ਹੌਟਸਪੌਟ ਇਲਾਕਿਆਂ ਦੀ ਪਛਾਣ ਕੀਤੀ ਜਾਵੇਗੀ। ਇਸ ਤੋਂ ਬਾਅਦ ਹਰੇਕ ਹੌਟਸਪੌਟ ’ਤੇ ਇੱਕ ਪੁਲਿਸ ਅਧਿਕਾਰੀ ਅਤੇ ਇੱਕ ਸਿਵਲ ਅਧਿਕਾਰੀ ਦੀ ਤਾਇਨਾਤੀ ਕੀਤੀ ਜਾਵੇਗੀ। ਸਰਕਾਰ ਦੀ ਯੋਜਨਾ ਸਿਰਫ਼ ਗ੍ਰਿਫ਼ਤਾਰੀਆਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਪ੍ਰਭਾਵਿਤ ਇਲਾਕਿਆਂ ਵਿੱਚ ਖੇਡ ਮੈਦਾਨ ਬਣਾਉਣ, ਸਟਰੀਟ ਲਾਈਟਾਂ ਲਗਾਉਣ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ’ਤੇ ਵੀ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਮੁੜ ਵਸੇਬਾ ਕੇਂਦਰਾਂ ਅਤੇ ਨਸ਼ਾ ਛੁਡਾਊ ਸੇਵਾਵਾਂ ਰਾਹੀਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਦੇ ਯਤਨ ਕੀਤੇ ਜਾਣਗੇ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ NDPS ਐਕਟ ਤਹਿਤ 95 ਹਜ਼ਾਰ ਤੋਂ ਵੱਧ ਐੱਫ.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 1 ਲੱਖ 27 ਹਜ਼ਾਰ ਤੋਂ ਵੱਧ ਮੁਲਜ਼ਮਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਇਸ ਦੌਰਾਨ 7,200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਗਈ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਦੀ 902 ਕਰੋੜ ਰੁਪਏ ਦੀ ਜਾਇਦਾਦ ਫ੍ਰੀਜ਼ ਕੀਤੀ ਗਈ ਹੈ। ਡੀ.ਜੀ.ਪੀ. ਮੁਤਾਬਕ, ਇਹ ਅੰਕੜਾ ਦੇਸ਼ ਦੇ ਕਿਸੇ ਵੀ ਸੂਬੇ ਦੇ ਮੁਕਾਬਲੇ ਸਭ ਤੋਂ ਵੱਡਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ 6 ਅਪ੍ਰੈਲ 2022 ਤੋਂ ਹੁਣ ਤੱਕ ਵੱਖ-ਵੱਖ ਅਪਰਾਧਿਕ ਗਿਰੋਹਾਂ ਦੇ 3,526 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਨਵਰੀ 2026 ਤੋਂ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਪੁਲਿਸ ਨੇ 1,288 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ 2,507 ਆਧੁਨਿਕ ਹਥਿਆਰ ਅਤੇ 752 ਵਾਹਨ ਜ਼ਬਤ ਕੀਤੇ ਗਏ ਹਨ। ਸੁਰੱਖਿਆ ਦੇ ਮੋਰਚੇ ’ਤੇ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ 86 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ 660 ਦੇਸ਼ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕਾਰਵਾਈਆਂ ਦੌਰਾਨ 38 ਆਈਈਡੀ, 131 ਹੈਂਡ ਗ੍ਰਨੇਡ, 28 ਕਿਲੋਗ੍ਰਾਮ ਆਰਡੀਐਕਸ ਅਤੇ 6 ਰਾਕੇਟ ਲਾਂਚਰ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ, ਤਕਨੀਕੀ ਸਮਰੱਥਾ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ 1,600 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਗਿਆ ਹੈ। ਇਸ ਤਹਿਤ ਆਧੁਨਿਕ ਇਮਾਰਤਾਂ, ਉੱਨਤ ਉਪਕਰਣਾਂ ਅਤੇ ਸਾਫਟਵੇਅਰ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਾਈਬਰ ਅਪਰਾਧ ਥਾਣਿਆਂ ਨੂੰ ਵੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਸੂਬੇ ਵਿੱਚ ਨਸ਼ਿਆਂ, ਗੈਂਗਸਟਰਵਾਦ ਤੇ ਅੱਤਵਾਦ ਵਿਰੁੱਧ ਕਾਰਵਾਈ ਨੂੰ ਹੋਰ ਮਜ਼ਬੂਤ ਕਰਨਾ ਹੈ।

Leave a Reply

Your email address will not be published. Required fields are marked *