ਅੰਮ੍ਰਿਤਸਰ: ਨਸ਼ਾ ਤਸਕਰੀ ਅਤੇ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫ਼ਾਸ਼, 7 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਵਿਰੁੱਧ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕੁੱਲ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.491 ਕਿੱਲੋ ਹੈਰੋਇਨ, ਦੋ .30 ਬੋਰ ਪਿਸਤੌਲ, 19 ਜ਼ਿੰਦਾ ਕਾਰਤੂਸ ਅਤੇ ਇੱਕ ਹੈਂਡ ਗ੍ਰਨੇਡ ਸਮੇਤ ਹੋਰ ਸਾਮਾਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਦੋ ਖ਼ੁਫ਼ੀਆ ਆਪ੍ਰੇਸ਼ਨ ਚਲਾਏ। ਮੁੱਢਲੀ ਜਾਂਚ ਮੁਤਾਬਕ, ਬਰਾਮਦ ਕੀਤੇ ਗਏ ਪਿਸਤੌਲ ਕਿਸੇ ਹੋਰ ਜ਼ਿਲ੍ਹੇ ਵਿੱਚ ਟਾਰਗੇਟ ਕਿਲਿੰਗ ਲਈ ਪਹੁੰਚਾਏ ਜਾਣੇ ਸਨ। ਪੁਲਿਸ ਦਾ ਕਹਿਣਾ ਹੈ ਕਿ ਸਮੇਂ ਸਿਰ ਕੀਤੀ ਕਾਰਵਾਈ ਨਾਲ ਤਿਉਹਾਰੀ ਸੀਜ਼ਨ ਦੌਰਾਨ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਨਾਕਾਮ ਕਰਨ ਵਿੱਚ ਮਦਦ ਮਿਲੀ। ਆਈਜੀ ਭੁੱਲਰ ਮੁਤਾਬਕ, ਹੈਰੋਇਨ ਅਤੇ ਪਿਸਤੌਲਾਂ ਦੀ ਬਰਾਮਦਗੀ ਵਾਲਾ ਆਪ੍ਰੇਸ਼ਨ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚਲਾਇਆ ਗਿਆ, ਜਦਕਿ ਹੈਂਡ ਗ੍ਰਨੇਡ ਨਾਲ ਸਬੰਧਤ ਮਾਡਿਊਲ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਟਰੇਸ ਕੀਤਾ। ਜਾਂਚ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਭੇਜੇ ਜਾਣ ਦੇ ਸ਼ੱਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਨੈੱਟਵਰਕ ਵਿੱਚ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਪੁਲਿਸ ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਹੈਂਡ ਗ੍ਰਨੇਡ ਨਾਲ ਜੁੜੇ ਮਾਡਿਊਲ ਵਿੱਚ ਤਿੰਨ ਨਾਬਾਲਗ ਸ਼ਾਮਲ ਸਨ। ਪੁਲਿਸ ਨੂੰ ਸ਼ੱਕ ਹੈ ਕਿ ਪਾਕਿਸਤਾਨੀ ਹੈਂਡਲਰ ਅਤੇ ਦੇਸ਼ ਵਿਰੋਧੀ ਅਨਸਰ ਸੋਸ਼ਲ ਮੀਡੀਆ ਰਾਹੀਂ ਆਰਥਿਕ ਤੌਰ ’ਤੇ ਕਮਜ਼ੋਰ ਬੱਚਿਆਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਅਪਰਾਧਿਕ ਗਤੀਵਿਧੀਆਂ ਵਿੱਚ ਫਸਾਉਣ ਦੀ ਕੋਸ਼ਿਸ਼ ਕਰਦੇ ਹਨ। ਇਸ ਪਹਿਲੂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ ਅਤੇ ਸਰਹੱਦ ਪਾਰੋਂ ਹੋਣ ਵਾਲੀ ਸਮਗਲਿੰਗ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਮਾਪਿਆਂ ਅਤੇ ਸਮਾਜ ਦੇ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਅਤੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ, ਤਾਂ ਜੋ ਕੋਈ ਵੀ ਤਾਕਤ ਉਨ੍ਹਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਗ਼ਲਤ ਰਾਹ ’ਤੇ ਨਾ ਪਾ ਸਕੇ। ਜਾਂਚ ਏਜੰਸੀਆਂ ਹੁਣ ਮੁਲਜ਼ਮਾਂ ਦੇ ਪਿਛਲੇ ਸੰਪਰਕਾਂ, ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ ਦੇ ਸਰੋਤਾਂ ਅਤੇ ਅੱਗੇ ਹੋਣ ਵਾਲੀ ਸਪਲਾਈ ਦੀਆਂ ਕੜੀਆਂ ਦੀ ਪੜਤਾਲ ਕਰ ਰਹੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਨਾਲ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਖੁਲਾਸੇ ਹੋ ਸਕਦੇ ਹਨ।

Leave a Reply

Your email address will not be published. Required fields are marked *