ਫਰੀਦਕੋਟ ਪੁਲਿਸ ਵੱਲੋਂ ਲੁੱਟ-ਖੋਹ ਅਤੇ ਸਟ੍ਰੀਟ ਕ੍ਰਾਈਮ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ । ਇਸੇ ਤਹਿਤ ਫਰੀਦਕੋਟ ਪੁਲਿਸ ਨੇ ਚੌਕੰਨੀ ਕਾਰਵਾਈ ਕਰਦਿਆਂ ਸਕੂਟਰੀ ਸਵਾਰ ਵਿਅਕਤੀ ਤੋਂ 4 ਲੱਖ 27 ਹਜ਼ਾਰ 800 ਰੁਪਏ ਦੀ ਨਕਦੀ ਵਾਲਾ ਬੈਗ ਖੋਹਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ 21 ਅਕਤੂਬਰ ਨੂੰ ਇੱਕ ਵਿਅਕਤੀ ਇਕੱਠੀ ਹੋਈ ਨਕਦੀ 4 ਲੱਖ 27 ਹਜ਼ਾਰ 800 ਰੁਪਏ ਬੈਂਕ ਵਿੱਚ ਜਮ੍ਹਾਂ ਕਰਵਾਉਣ ਲਈ ਸਕੂਟਰੀ ‘ਤੇ ਜਾ ਰਿਹਾ ਸੀ। ਜਦੋਂ ਉਹ ਕੋਟਕਪੂਰਾ ਰੋਡ ਸਥਿਤ ਘੋੜਾ ਚੌਕ ਨੇੜੇ ਪਹੁੰਚਿਆ ਤਾਂ ਪਿੱਛੋਂ ਮੋਟਰਸਾਈਕਲਾਂ ‘ਤੇ ਆਏ ਵਿਅਕਤੀਆਂ ਨੇ ਉਸ ਨੂੰ ਸਕੂਟਰੀ ਤੋਂ ਹੇਠਾਂ ਸੁੱਟ ਕੇ ਨਕਦੀ ਵਾਲਾ ਬੈਗ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਫਰੀਦਕੋਟ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ । ਸਹਾਇਕ ਥਾਣੇਦਾਰ ਹਰਚਰਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਤੁਰੰਤ ਕਾਰਵਾਈ ਕਰਦਿਆਂ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਜੋਤ ਸਿੰਘ ਉਰਫ਼ ਗਗਨਾ ਵਾਸੀ ਡੋਗਰ ਬਸਤੀ, ਬਿਕਰਮਜੀਤ ਸਿੰਘ ਵਾਸੀ ਨਿਊ ਕੈਂਟ ਰੋਡ ਅਤੇ ਮਨੀਸ਼ ਸਿੰਘ ਵਾਸੀ ਦਸ਼ਮੇਸ਼ ਨਗਰ ਫਰੀਦਕੋਟ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਖੋਹੀ ਗਈ ਨਕਦੀ ਵਿੱਚੋਂ 4 ਲੱਖ 11 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਦੋ ਮੋਟਰਸਾਈਕਲ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲਏ ਹਨ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ ਨੰਬਰ 560 ਮਿਤੀ 21 ਅਕਤੂਬਰ 2026 ਨੂੰ ਬੀ.ਐੱਨ.ਐੱਸ. ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਸ.ਪੀ. ਇਨਵੈਸਟੀਗੇਸ਼ਨ ਨਰਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਮਾਮਲੇ ਨਾਲ ਜੁੜੀਆਂ ਹੋਰ ਵਾਰਦਾਤਾਂ ਬਾਰੇ ਵੀ ਜਾਣਕਾਰੀ ਮਿਲਣ ਦੀ ਉਮੀਦ ਹੈ।