ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨਾਂ ਦੀ ਚੜ੍ਹਦੀ ਕਲਾ, ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢ ਕੇ ਗੁਰਮਤਿ ਵਿਚਾਰਧਾਰਾ ਨਾਲ ਜੋੜਨ ਅਤੇ ਨਸ਼ਿਆਂ ਖ਼ਿਲਾਫ਼ ਲੜਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਕੇ ਗੁਰਮਤਿ ਦੇ ਮਾਰਗ ’ਤੇ ਚੱਲੇ ਅਤੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਵਿੱਚ ਜਾਗਰੂਕਤਾ ਪੈਦਾ ਹੋਵੇ। ਇਸ ਦੇ ਨਾਲ ਹੀ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਅਰਦਾਸ ਵੀ ਕੀਤੀ ਗਈ।ਇਸ ਅਰਦਾਸ ਸਮਾਗਮ ਵਿੱਚ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਗਵੰਤ ਸਿੰਘ ਮੈਨੇਜਰ, ਚੈਂਚਲ ਸਿੰਘ ਐਡੀਸ਼ਨਲ ਮੈਨੇਜਰ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਜਰਨੈਲ ਸਿੰਘ ਅਕਾਊਂਟੈਂਟ, ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ, ਗਿਆਨੀ ਹਰਜਿੰਦਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ, ਗਿਆਨੀ ਕਰਨਜੀਤ ਸਿੰਘ ਕਥਾਵਾਚਕ, ਦਿਲਬਾਗ ਸਿੰਘ ਇੰਚਾਰਜ ਅਖੰਡ ਪਾਠਾਂ, ਜਸਵਿੰਦਰ ਸਿੰਘ ਰਿਕਾਰਡ ਕੀਪਰ, ਸਲਵੰਤ ਸਿੰਘ ਸਟੋਰ ਕੀਪਰ, ਸਰਵਣ ਸਿੰਘ ਨਿਗਰਾਨ, ਭਾਈ ਦਿਲਬਾਗ ਸਿੰਘ, ਇੰਚਾਰਜ ਰਾਗੀ ਸਿੰਘ ਅਤੇ ਗੁਰਦੁਆਰਾ ਸਾਹਿਬ ਦਾ ਸਮੂਹ ਸਟਾਫ ਹਾਜ਼ਰ ਸੀ। ਸਮਾਗਮ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਉਨ੍ਹਾਂ ਨੂੰ ਸਿੱਖੀ ਅਤੇ ਗੁਰਮਤਿ ਨਾਲ ਜੋੜਨ ਅਤੇ ਨਸ਼ਿਆਂ ਵਿਰੁੱਧ ਸਮਾਜਿਕ ਜਾਗਰੂਕਤਾ ਵਧਾਉਣ ਦੇ ਸੰਦੇਸ਼ ਨੂੰ ਪ੍ਰਮੁੱਖਤਾ ਦਿੱਤੀ ਗਈ।