ਹੁਸ਼ਿਆਰਪੁਰ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਆਈਟੀਆਈ ਹੁਸ਼ਿਆਰਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ ਅਤੇ ਉਸ ਦੇ ਮਾਸੂਮ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਮਹਿਲਾ ਗਗਨਦੀਪ ਕੌਰ ਆਪਣੇ ਪੁੱਤਰ ਰਿਆਜ ਨੂੰ ਨਾਲ ਲੈ ਕੇ ਸਕੂਲ ਤੋਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਹਸਪਤਾਲ ਜਾ ਰਹੀ ਸੀ। ਜਦੋਂ ਉਹ ਆਈਟੀਆਈ ਹੁਸ਼ਿਆਰਪੁਰ ਨੇੜੇ ਪਹੁੰਚੀ ਤਾਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਗਗਨਦੀਪ ਕੌਰ ਅਤੇ ਉਸ ਦੇ ਪੁੱਤਰ ਰਿਆਜ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਸਰਪੰਚ ਮੌਕੇ ‘ਤੇ ਪਹੁੰਚ ਗਏ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਉੱਧਰ, ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।