ਫਗਵਾੜਾ, 31 ਜੁਲਾਈ (ਰਮਨਦੀਪ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਪਿਛਲੇ ਕਈ ਮਹੀਨਿਆ ਤੋਂ ਦਿੱਲੀ ਦੀਆਂ ਬਰੂਹਾਂ ਤੇ ਅੰਦੋਲਨ ਸ਼ੁਰੂ ਕੀਤਾ ਗਿਆ ਹੈ ੳੁੱਥੇ ਹੀ ਇਸ ਅੰਦੋਲਨ ਵਿੱਚ ਪੰਜਾਬ ਭਰ ਤੋਂ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚ ਰਹੇ ਹਨ। ਇਸੇ ਹੀ ਕੜੀ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਬੈਨਰ ਹੇਠ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ ਵਿੱਚ ਕਿਸਾਨਾ ਦਾ ਇੱਕ ਵੱਡਾ ਜੱਥਾ ਦਿੱਲੀ ਅੰਦੋਲਨ ਵਿੱਚ ਹਿੱਸਾ ਲੈਣ ਲਈ ਫਗਵਾੜਾ ਦੇ ਮੌਲੀ ਲੰਗਰਾਂ ਤੋਂ ਰਵਾਨਾ ਹੋਇਆ। ਇਸ ਮੌਕੇ ਕਿਸਾਨਾ ਨੇ ਜਿੱਥੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ ੳੁੱਥੇ ਹੀ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੀ ਤਰਾਂ ਜੰਤਰ ਮੰਤਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਸੰਸਦ ਚੱਲ ਰਹੀ ਹੈ ਜਿਸ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਖੁੱਲ੍ਹ ਕੇ ਚਰਚਾ ਹੋ ਰਹੀ ਹੈ। ਕਿਸਾਨ ਸੰਸਦ ਵਿੱਚ ਹਿੱਸਾ ਲੈਣ ਲਈ ਦੇਸ਼ ਭਰ ਦੇ ਨਾਲ ਨਾਲ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨਾਂ ‘ਚ ਭਾਰੀ ਉਤਸ਼ਾਹ ਹੈ। ਉਨਾਂ ਨਾਲ ਹੀ ਭਾਜਪਾ ਸਰਕਾਰ ਅਤੇ ਉਸ ਦੇ ਮੰਤਰੀਆਂ ਨੂੰ ਖੁੱਲ੍ਹਾ ਚੈਲੰਜ ਕੀਤਾ ਕਿ ਉਹ ਕਿਸੇ ਸਮੇਂ ਵੀ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾ ਨਾਲ ਮੀਡੀਆ ਦੀ ਮੌਜ਼ੂਦਗੀ ਵਿੱਚ ਖੁੱਲ੍ਹੀ ਡੀਬੇਟ ਕਰ ਸਕਦੇ ਹਨ।ਉਨਾਂ ਮੰਤਰੀਆਂ ਨੂੰ ਚੇਤਾਵਨੀ ਵੀ ਦਿੱਤੀ ਕਿ ਉਹ ਖੇਤੀ ਕਾਨੂੰਨਾਂ ਨੂੰ ਕਿਸਾਨਾ ਦੇ ਹੱਕ ਵਿੱਚ ਸਹੀ ਦੱਸ ਕੇ ਕਿਸਾਨੀ ਅੰਦੋਲਨ ਨੂੰ ਖਰਾਬ ਕਰਨ ਦੀ ਕੋਸ਼ਿਸ਼ ਨਾ ਕਰਨ।